ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਉਚ ਪੱਧਰੀ ਮੀਟਿੰਗ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਸ਼ਹਿਰ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਲਗਾਏ ਨੋਡਲ ਅਫ਼ਸਰਾਂ ਨਾਲ ਆਨ ਲਾਈਨ ਉਚ ਪੱਧਰੀ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਭਾਵੇਂ ਹੁਣ ਪਾਣੀ ਦਾ ਪੱਧਰ ਘੱਟ ਗਿਆ ਹੈ, ਪਰ ਇਸ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਨਗਰ ਨਿਗਮ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ) ਅਤੇ ਸਿਹਤ ਵਿਭਾਗ ਤੁਰੰਤ ਕਾਰਵਾਈ ਆਰੰਭਣ।ਉਨ੍ਹਾਂ ਕਿਹਾ ਕਿ ਭਾਵੇਂ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਘੱਟ ਗਿਆ ਹੈ, ਪਰ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਟੈਂਕਰ ਜਾਂ ਬੋਤਲ ਦਾ ਪਾਣੀ ਹੀ ਉਪਲਬੱਧ ਕਰਵਾਇਆ ਜਾਵੇ ਕਿਉਂਕਿ ਪਾਣੀ ਵਾਲੀਆਂ ਪਾਈਪਾਂ ਦੀ ਸਫ਼ਾਈ ਤੋਂ ਬਾਅਦ ਹੀ ਉਨ੍ਹਾਂ ਦਾ ਪਾਣੀ ਪੀਣ ਦੇ ਯੋਗ ਹੋਵੇਗਾ।

Advertisements

ਸਾਕਸ਼ੀ ਸਾਹਨੀ ਨੇ ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫੌਗਿੰਗ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਫੌਗਿੰਗ ਤੁਰੰਤ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਪਸ਼ੂਆਂ ਲਈ ਗਊਸ਼ਾਲਾ ਵਿੱਚ ਹਰੇ ਚਾਰੇ ਦਾ ਪ੍ਰਬੰਧ ਪਸ਼ੂ ਪਾਲਣ ਤੇ ਖੇਤੀਬਾੜੀ ਵਿਭਾਗ ਵੱਲੋਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉਥੇ ਪੰਪਇੰਗ ਮਸ਼ੀਨ ਨਾਲ ਨਿਕਾਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੋ ਵੀ ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ, ਉਨ੍ਹਾਂ ਦਾ ਫਾਲੋਅੱਪ ਵੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਔਖੀ ਘੜੀ ਵਿੱਚ ਪੂਰਾ ਸਹਿਯੋਗ ਕੀਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਰਾਹਤ ਤੇ ਬਚਾਅ ਕਾਰਜਾਂ ਲਈ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸੇ ਜਜ਼ਬੇ ਨਾਲ ਕੰਮ ਕਰਨ ਲਈ ਉਤਸ਼ਾਹਤ ਕੀਤਾ।ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਬਰਾਹਟ ਵਿੱਚ ਨਾ ਆਉਣ ਸਗੋਂ ਅਫ਼ਵਾਹਾਂ ਤੋਂ ਸੁਚੇਤ ਹੋਕੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 0175-2350550 ‘ਤੇ ਹੀ ਸੰਪਰਕ ਕਰਨ।ਤੜਕਸਾਰ ਕੀਤੀ ਇਸ ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਰਿਸ਼ੀ ਕਲੋਨੀ ਦਾ ਦੌਰਾ ਕਰਦਿਆਂ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਐਨ.ਡੀ.ਆਰ.ਐਫ਼ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਬਾਕੀ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਰਵਾਨਾ ਹੋ ਗਏ।

LEAVE A REPLY

Please enter your comment!
Please enter your name here