ਕੈਬਨਿਟ ਮੰਤਰੀ: ਜਿੰਪਾ ਨੇ ਹੁਸ਼ਿਆਰਪੁਰ, ਚਿੰਤਪੁਰਨੀ ਸੜਕ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਅਡਵਾਲ ਵਿਖੇ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਸ਼ਿਆਰਪੁਰ ਸ਼ਹਿਰ ਤੋਂ ਚੌਹਾਲ ਤੱਕ ਸੜਕ ਨੂੰ ਮਾਤਾ ਚਿੰਤਪੁਰਨੀ ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਦੌਰਾਨ ਉਨ੍ਹਾਂ ਸੜਕ ਨਿਰਮਾਣ ਦੇ ਕੰਮ ਦੀ ਗੁਣਵੱਤਾ ਦਾ ਵੀ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕ ਨਿਰਮਾਣ ਦੇ ਕੰਮ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisements

ਇਸ ਮੌਕੇ ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ ਸੜਕ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ, ਸਗੋਂ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਇਸ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 17 ਮਈ ਨੂੰ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 13.74 ਕਰੋੜ ਰੁਪਏ ਦੀ ਲਾਗਤ ਨਾਲ ਆਦਮਪੁਰ ਤੋਂ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਾਡੀ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਅਤੇ ਹੋਰ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਨ ਸਮੇਂ ਉੱਚ ਗੁਣਵੱਤਾ ਦੇ ਮਿਆਰ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਅਤੇ ਸੜਕ ਦੇ ਨਿਰਮਾਣ ਦਾ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ।

—–

LEAVE A REPLY

Please enter your comment!
Please enter your name here