ਵਿਧਾਇਕ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਸੂਹਾ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਸੂਹਾ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਪੰਡੋਰੀ ਅਰਾਈਆਂ, ਗੋਰਸੀਆਂ, ਸਫਦਰਪੁਰ ਕੁੱਲੀਆਂ, ਗਾਲੋਵਾਲ, ਢੱਡਰ, ਘੋਗਰਾ, ਜੀਓ ਚੱਕ ਅਤੇ ਮਾਖੋਵਾਲ ਆਦਿ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਓਜਸਵੀ ਅਲੰਕਾਰ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਹਲਕੇ ਦੇ ਇਨ੍ਹਾਂ ਪਿੰਡਾਂ ਦੇ ਖੇਤਾਂ ਅਤੇ ਘਰਾਂ ਵਿਚ ਪਾਣੀ ਭਰ ਗਿਆ ਹੈ।

Advertisements

ਉਨ੍ਹਾਂ ਕਿਹਾ ਕਿ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਫ਼ਸਲਾਂ ਅਤੇ ਘਰਾਂ ਦਾ ਸਰਵੇਖਣ ਕਰਵਾ ਦੇ ਹੋਏ ਨੁਕਸਾਨ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅਤੇ ਇਸ ਸਬੰਧੀ ਗਠਿਤ ਕੀਤੀਆਂ ਗਈਆਂ ਟੀਮਾਂ ਲਗਾਤਾਰ ਆਪਣੇ ਕੰਮ ਵਿਚ ਲੱਗੀਆਂ ਹੋਈਆਂ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਘਬਰਾਹਟ ਵਿਚ ਆਉਣ ਅਤੇ ਲੋੜ ਪੈਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਫਲੱਡ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਬਹਾਲ ਕਰਦੇ ਹੋਏ ਇਸ ਨੂੰ ਅੱਗੇ ਵਹਿਣ ਦੇਣ। ਇਸ ਦੌਰਾਨ ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here