ਰੋਟਰੀ ਕਲੱਬ ਨੇ ਸਰਕਾਰੀ ਸਕੂਲ ਸਿਧਵਾਂ ‘ਚ ਮਨਾਇਆ ਵਣ-ਮਹਾਉਤਸਵ

ਗੁਰਦਾਸਪੁਰ (ਦ ਸਟੈਲਰ ਨਿਊਜ਼ )। ਰੋਟਰੀ ਕਲੱਬ ਗੁਰਦਾਸਪੁਰ ਦੀ ਟੀਮ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਿਧਵਾਂ ਵਿਖੇ ਵਣ-ਮਹਾਉਤਸਵ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਰੋਟਰੀ ਕਲੱਬ ਵੱਲੋਂ ਪੌਦੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਹਰ ਇਨਸਾਨ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰਾਂ ਆਲਮੀ ਤਪਸ ਵਿੱਚ ਵਾਧਾ ਹੋ ਰਿਹਾ ਹੈ ਅਜਿਹੇ ਹਾਲਤ ਵਿੱਚ ਇਹ ਹੋਰ ਵੀ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਪੌਦੇ ਲਗਾ ਕੇ ਵਾਤਾਵਰਨ ਵਿੱਚ ਆਏ ਵਿਗਾੜ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਹਰਾ-ਭਰਾ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਵੀ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਖਾਲੀ ਥਾਵਾਂ ਵਿੱਚ ਮਿੰਨੀ ਜੰਗਲ ਵੀ ਉਗਾਏ ਜਾ ਰਹੇ ਹਨ।

Advertisements

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹੁਣ ਕੁਝ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਜੇ ਵੀ ਆਪਣੇ ਚੌਗਿਰਦੇ ਦੀ ਸੰਭਾਲ ਲਈ ਹੰਭਲਾ ਨਾ ਮਾਰਿਆ ਤਾਂ ਫਿਰ ਸ਼ਾਇਦ ਬਹੁਤ ਦੇਰ ਹੋ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਇਸ ਮਾਨਸੂਨ ਦੇ ਸੀਜ਼ਨ ਦੌਰਾਨ ਹਰ ਕੋਈ ਪੌਦੇ ਲਗਾ ਕੇ ਉਨ੍ਹਾਂ ਦੀ ਪਰਵਰਿਸ਼ ਕਰੇ ਤਾਂ ਜੋ ਸਾਡੇ ਜ਼ਿਲ੍ਹੇ ਵਿੱਚ ਹਰ ਪਾਸੇ ਹਰਿਆਲੀ ਫੈਲ ਸਕੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸੰਸਥਾਵਾਂ ਪੌਦੇ ਲਗਾਉਣੀਆਂ ਚਾਹੁੰਦੀਆਂ ਹਨ ਉਹ ਜੰਗਲਾਤ ਮਹਿਕਮੇ ਨਾਲ ਸੰਪਰਕ ਕਰਕੇ ਪੌਦੇ ਪ੍ਰਾਪਤ ਸਕਦੀਆਂ ਹਨ। ਇਸ ਦੌਰਾਨ ਸਰਕਾਰੀ ਸਕੂਲ ਸਿਧਵਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੀ ਵੰਡੀਆਂ ਗਈਆਂ।ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਅਮਰਬੀਰ ਸਿੰਘ ਚਾਹਲ ਅਤੇ ਜਨਰਲ ਸੈਕਟਰੀ ਸੰਜੀਵ ਸਰਪਾਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਰੋਟਰੀ ਕੱਲਬ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹੋਰ ਸਮਾਜ ਭਲਾਈ ਸਬੰਧੀ ਕੀਤੇ ਜਾ ਰਹੇ ਕੰਮਾਂ ਉੱਪਰ ਚਾਨਣਾ ਪਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਨਿਲ ਭੱਲਾ, ਰੇਂਜ ਅਫ਼ਸਰ ਬਖਸ਼ੀਸ਼ ਸਿੰਘ, ਕੇਸ਼ਵ ਬਹਿਲ, ਹਿੱਤਪਾਲ ਬੱਬਰੀ, ਅਰਵਿੰਦ ਹਸਤੀਰ, ਸੁਰਿੰਦਰ ਸਿੰਘ, ਮਾਸਟਰ ਦਲੀਪ ਸਿੰਘ ਚੋਪੜੇ, ਕਰਨੈਲ ਸਿੰਘ ਲੇਬਰ ਅਫ਼ਸਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।   

LEAVE A REPLY

Please enter your comment!
Please enter your name here