ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 4 ’ਚ 38 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਸਾਫ਼-ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਵਾਰਡ ਨੰਬਰ 4 ਵਿਚ 38 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਅਸ਼ੋਕ ਮਹਿਰਾ ਅਤੇ ਕੌਂਸਲਰ ਲਵਕੇਸ਼ ਓਹਰੀ ਵੀ ਮੌਜੂਦ ਸਨ।

Advertisements

ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਨਵੇਂ ਟਿਊਬਵੈਲ ਲਗਾਉਣ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਲਗਾਉਣ ਦਾ ਕੰਮ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਵਲੋਂ ਟਿਊਬਵੈਲ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਿਊਬਵੈਲ ਲੱਗਣ ਉਪਰੰਤ ਵਾਰਡ ਨੰਬਰ 4 ਅਤੇ ਇਸ ਦੇ ਨਾਲ ਲੱਗਦੇ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਘਰ ਨਲ ਅਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮਿਲੇ।

ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼-ਸੁਥਰਾ ਪਾਣੀ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਐਕਸੀਅਨ ਜਲ ਸਪਲਾਈ ਸਿਮਰਨਜੀਤ ਸਿੰਘ ਖਾਂਬਾ, ਸੁਮੇਸ਼ ਸੈਣੀ, ਵਰਿੰਦਰ ਵੈਦ, ਨੀਤੀ ਤਲਵਾੜ ਤੋਂ ਇਲਾਵਾ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here