ਸ਼ਹਿਰ ਦੀ ਹਰ ਸਮੱਸਿਆ ਦਾ ਸਮੇਂ ਸਿਰ ਕੀਤਾ ਜਾ ਰਿਹੈ ਨਿਪਟਾਰਾ: ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਨਿਸ਼ਚਿਤ ਸਮੇਂ ਵਿਚ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 3 ਵਿਚ ਸੜਕ ਨਿਰਮਾਣ ਕੰਮਾਂ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ।

Advertisements

ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੜਕ ਦੇ ਨਿਰਮਾਣ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਮ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮੇਸ਼ਾ ਤੋਂ ਪਹਿਲ ਰਹੀ ਹੈ ਕਿ ਲੋਕਾਂ ਨੂੰ ਸਮੇਂ ਸਿਰ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਜਾਣ।

ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਕਈ ਤਰ੍ਹਾਂ ਦੇ ਵਿਕਾਸ ਕੰਮ ਸ਼ੁਰੂ ਕਰਵਾ ਰਹੀ ਹੈ, ਜਿਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਵੱਖ-ਵੱਖ ਹਲਕਿਆਂ ਦੇ ਬੁਨਿਆਦੀ ਢਾਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਨਿਵਾਸੀਆਂ ਦੀ ਸੁਵਿਧਾ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਜ਼ਰੂਰੀ ਕੰਮ ਜੰਗੀ ਪੱਧਰ ’ਤੇ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਮੁਖੀ ਰਾਮ, ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਕ੍ਰਿਸ਼ਨ ਸੈਣੀ, ਸੰਤੋਸ਼ ਸੈਣੀ, ਸੁਮੇਸ਼ ਸੋਨੀ, ਅਜੇ ਵਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here