ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਘਰਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਵੰਡੇ 2.70 ਕਰੋੜ ਦੇ ਐਲ.ਓ.ਆਈ. 

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਨਾਗਰਿਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਲੋਕਾਂ ਦੀ ਤਰੱਕੀ ਅਤੇ ਸੂਬੇ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇਸੇ ਇਮਾਨਦਾਰੀ ਅਤੇ ਲਗਨ ਨਾਲ ਦਿਨ-ਰਾਤ ਕੰਮ ਕਰਦੇ ਰਹਿਣਗੇ। ਕੈਬਨਿਟ ਮੰਤਰੀ ਮੰਗਲਵਾਰ ਨੂੰ ਇੱਥੇ ਰਾਮ ਭਵਨ, ਖਰੜ ਵਿਖੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਐਲ.ਓ.ਆਈ. ਵੰਡਣ ਆਏ ਹੋਏ ਸਨ।

Advertisements

ਉਨ੍ਹਾਂ ਨੇ ਯੋਗ ਲਾਭਪਾਤਰੀਆਂ ਨੂੰ 154 ਮਨਜ਼ੂਰੀ ਪੱਤਰ ਵੰਡੇ। ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ 1.75 ਲੱਖ ਰੁਪਏ ਦੀ ਰਾਸ਼ੀ ਵਾਲੇ ਐਲ.ਓ.ਆਈ. ਦਿੱਤੇ ਗਏ ਹਨ। ਇਹ ਰਕਮ ਪੜਾਅਵਾਰ ਢੰਗ ਵਿੱਚ ਲਾਭਪਾਤਰੀ ਤੱਕ ਪਹੁੰਚਾਈ ਜਾਵੇਗੀ। ਪਹਿਲੀ ਕਿਸ਼ਤ 12,500 ਰੁਪਏ, ਦੂਜੀ ਇੱਕ ਲੱਖ ਰੁਪਏ, ਤੀਜੀ 32,500 ਰੁਪਏ ਅਤੇ ਚੌਥੀ ਕਿਸ਼ਤ 30,000 ਰੁਪਏ ਦੀ ਹੋਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਪੂਰੀ ਪ੍ਰਕਿਰਿਆ ਦੀ ਪਾਲਣ ਕਰਨਾ ਲਾਜ਼ਮੀ ਹੈ। ਪੜਾਅਵਾਰ ਢੰਗ ਨਾਲ ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਪੜਾਵਾਂ ਵਿੱਚ ਕੰਮ ਦੀ ਪ੍ਰਗਤੀ ਨੂੰ ਦਰਸਾਉਂਦੀਆਂ ਫੋਟੋਆਂ ਪੋਰਟਲ ‘ਤੇ ਅਪਲੋਡ ਕੀਤੀਆਂ ਜਾਣਗੀਆਂ ਜੋ ਕੰਮ ਦੇ ਮੁਕੰਮਲ ਹੋਣ ਦਾ ਸਬੂਤ ਹਨ।

ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਲਗਾਤਾਰ ਦਿੱਤਾ ਜਾ ਰਿਹਾ ਹੈ ਅਤੇ ਹਲਕੇ ਵਿੱਚ ਮੁਆਵਜ਼ੇ ਵਜੋਂ 25 ਲੱਖ ਰੁਪਏ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲਗਾਤਾਰ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦੇ ਹੋਏ ਲੋੜਵੰਦ ਪਰਿਵਾਰਾਂ ਨੂੰ ਪੱਕਾ ਮਕਾਨ ਬਣਾਉਣ ਲਈ ਮਨਜ਼ੂਰੀ ਪੱਤਰ ਵੰਡੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਹਰ ਮਨੁੱਖ ਦੀ ਮੁੱਢਲੀ ਲੋੜ ਹੈ ਤੇ ਮਕਾਨ ਦਾ ਨਾ ਹੋਣਾ ਮਨੁੱਖ ਲਈ ਵੱਡੀ ਸਮੱਸਿਆ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਉਸਾਰੂ ਸੋਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗਲੀਆਂ, ਨਾਲੀਆਂ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਸੂਬਾ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦਾ ਸਾਥ ਦੇਣ ਤਾਂ ਜੋ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਖਰੜ ਦੇ ਐਸ.ਡੀ.ਐਮ. ਰਵਿੰਦਰ ਸਿੰਘ, ਡੀ.ਐਸ.ਪੀ. ਕਰਨ ਸਿੰਘ ਸੰਧੂ, ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਭੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਲਾਭਪਾਤਰੀ ਅਤੇ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here