ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੀਆਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਲਗਾਈਆਂ ਡਿਊਟੀਆਂ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਨੇੜਲੇ ਬੇਟ ਇਲਾਕੇ ਵਿੱਚ ਹੜ੍ਹ ਦਾ ਪਾਣੀ ਉਤਰ ਜਾਣ ਤੋਂ ਬਾਅਦ ਜਨ-ਜੀਵਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਧੁੱਸੀ ਬੰਨ ਵਿੱਚ ਪਾੜ ਭਰ ਲਏ ਜਾਣ ਤੋਂ ਬਾਅਦ ਪਿੰਡਾਂ ਵਿੱਚ ਆਵਾਜਾਈ ਬਹਾਲ ਹੋ ਰਹੀ ਹੈ। ਇਸ ਸਭ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਵਿਧਾਵਾ ਦੇਣ ਲਈ ਪਿੰਡ ਪੱਧਰ `ਤੇ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਪ੍ਰਭਾਵਤ ਪਿੰਡਾਂ ਵਿੱਚ ਜਾ ਕੇ ਵਿਸ਼ੇਸ ਕੈਂਪ ਲਗਾਉਣਗੀਆਂ ਅਤੇ ਹੜ੍ਹ ਪੀੜ੍ਹਤਾਂ ਦੀ ਮਦਦ ਕਰਨਗੀਆਂ।

Advertisements

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਰੀ ਹੁਕਮਾਂ ਵਿੱਚ ਹਦਾਇਤ ਕੀਤੀ ਹੈ ਪੰਜਾਬ ਪੁਲਿਸ ਪਿੰਡਾਂ ਵਿੱਚ ਲਾਗਣ ਵਾਲੇ ਕੈਂਪਾਂ ਤੇ ਟ੍ਰੈਫਿਕ ਵਿਵਸਥਾ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਠੀਕ ਰੱਖਣਾ ਯਕੀਨੀ ਬਣਾਉਣਗੇ। ਮਾਲ ਵਿਭਾਗ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੜ੍ਹ ਕਾਰਨ ਹੋਏ ਹਰ ਤਰ੍ਹਾਂ ਦੇ ਨੁਕਸਾਨ ਜਿਵੇਂ ਕਿ ਘਰਾਂ ਦਾ, ਪਸ਼ੂਆਂ ਦਾ ਅਤੇ ਪਾਣੀ ਘੱਟਣ `ਤੇ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਗਾ ਕੇ ਰੀਪੋਰਟ ਤਿਆਰ ਕਰਨਗੇ। ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਏ ਜਾਣਗੇ ਅਤੇ ਪਿੰਡਾਂ ਵਿੱਚ ਫੌਗਿੰਗ ਕੀਤੀ ਜਾਵੇਗੀ। ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰਭਾਵਤ ਪਿੰਡਾਂ ਵਿੱਚ ਪਸ਼ੂਆਂ ਦੀ ਦੇਖਭਾਲ ਕਰਨਾ ਯਕੀਨੀ ਬਣਾਉਣ ਦੇ ਨਾਲ ਪਸ਼ੂਆਂ ਦੇ ਇਲਾਜ/ਚਾਰਾ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।

ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਪ੍ਰਭਾਵਤ ਪਿੰਡਾਂ ਵਿੱਚ ਕਿਸਾਨਾਂ ਨਾਲ ਤਾਲਮੇਲ ਕਰਕੇ ਖੇਤੀਬਾੜੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਗੇ ਅਤੇ ਮਾਲ ਮਹਿਕਮੇ ਵੱਲੋਂ ਫਸਲਾਂ ਦੇ ਨੁਕਸਾਨ ਦੀ ਰੀਪੋਰਟ ਤਿਆਰ ਕਰਨ ਵਿੱਚ ਸਹਿਯੋਗ ਕਰਨਗੇ। ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਸਤਰੀਆਂ ਅਤੇ ਬੱਚਿਆਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਸੜਕਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਗਾ ਕੇ ਮੁਰੰਮਤ ਦੇ ਐਸਟੀਮੇਟ ਤਿਆਰ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਠੀਕ ਕੀਤਾ ਜਾ ਸਕੇ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੀਆਂ ਇਮਾਰਤਾਂ ਦੀ ਸੁਰੱਖਿਆ ਦੀ ਰੀਪੋਰਟ ਤਿਆਰ ਕਰਨ ਦੇ ਨਾਲ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਟੈਲੀਫੋਨ ਵਿਭਾਗ ਹੜ੍ਹ ਪ੍ਰਭਾਵਤ ਖੇਤਰ ਵਿੱਚ ਟੈਲੀਫੋਨ ਸੇਵਾਵਾਂ ਤੁਰੰਤ ਬਹਾਲ ਕਰੇਗਾ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਪਿੰਡਾਂ ਵਿੱਚ ਲੋੜਵੰਦਾਂ ਦੀ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵਿਭਾਗਾਂ ਦੀਆਂ ਡਿਊਟੀਆਂ ਵੀ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਲਗਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਤ ਲੋਕਾਂ ਦੀ ਸੇਵਾ ਵਿੱਚ ਲੱਗਾ ਹੋਇਆ ਹੈ ਅਤੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲਾ ਨਹੀਂ ਆਉਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here