ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਹੈਲਥ ਕਾਰਡ ਬਣਾਉਣ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ: ਰਾਹੁਲ ਚਾਬਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਜ਼ਿਲ੍ਹੇ ਵਿਚ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਯੋਜਨਾ ਨਾਲ ਜੁੜੇ ਸਾਰੇ ਲਾਭਪਾਤਰੀਆਂ ਦਾ ਹੈਲਥ ਈ ਕਾਰਡ ਬਣਾਇਆ ਜਾ ਸਕੇ। ਉਨ੍ਹਾਂ ਜਿਲ੍ਹੇ ਦੇ ਸਾਰੇ ਲਾਭਪਾਤਰੀਆਂ ਨੂੰ ਈ ਕਾਰਡ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ) ਅਤੇ ਸੇਵਾ ਕੇਂਦਰਾਂ ਵਿਚ ਲਾਭਪਾਤਰੀ ਆਪਣਾ ਕਾਰਡ ਬਣਵਾ ਸਕਦੇ ਹਨ। ਉਹ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੁੜੇ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ।

Advertisements

ਉਨ੍ਹਾਂ ਇਸ ਯੋਜਨਾ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾਬੱਧ ਢੰਗ ਨਾਲ ਕਾਰਡ ਬਣਾਏ ਜਾਣ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਸੁਵਿਧਾ ਦਾ ਲਾਭ ਪਹੁੰਚਾਇਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡਾਂ ਤੇ ਸ਼ਹਿਰਾਂ ਵਿਚ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਕੋਈ ਵੀ ਲਾਭਪਾਤਰੀ ਇਸ ਸੁਵਿਧਾ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਦਸਤਾਵੇਜ਼ ਲਿਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ, ਜਿਸ ਤਹਿਤ ਲਾਭਪਾਤਰੀ ਆਪਣੇ ਆਧਾਰ ਕਾਰਡ ਦੀ ਕਾਪੀ ਅਤੇ ਪਰਿਵਾਰ ਦੇ ਸਬੂਤ ਦਾ ਦਸਤਾਵੇਜ਼ ਲਿਜਾ ਕੇ ਆਪਣਾ ਈ ਕਾਰਡ ਬਣਵਾ ਸਕਦਾ ਹੈ। ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਹੁਣ ਤੱਕ ਕਾਰਡ ਨਹੀਂ ਬਣਵਾਏ, ਉਹ ਆਪਣੇ ਕਾਰਡ ਨੂੰ ਬਿਨਾ ਕਿਸੇ ਦੇਰੀ ਤੋਂ ਬਣਵਾ ਲੈਣ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਈ.ਟੀ.ਓ ਸੰਦੀਪ ਸ਼ਰਮਾ, ਡੀ.ਐਮ ਸੇਵਾ ਕੇਂਦਰ ਗੁਰਸੇਵਕ ਸਿੰਘ, ਡੀ.ਐਮ. ਸੀ.ਐਸ.ਸੀ. ਧਨਵੰਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here