ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹੁਣ ਤੱਕ ਦਿੱਤਾ ਜਾ ਚੁੱਕਾ ਹੈ 64 ਲੱਖ 68 ਹਜ਼ਾਰ 500 ਰੁਪਏ ਦਾ ਮੁਆਵਜ਼ਾ: ਕੋਮਲ ਮਿੱਤਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹੇ ਦੇ ਉਪ ਮੰਡਲ ਮੁਕੇਰੀਆਂ, ਦਸੂਹਾ ਅਤੇ ਟਾਂਡਾ ਵਿਚ ਆਏ ਹੜ੍ਹਾਂ ਕਾਰਨ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਅਤੇ ਭਾਰੀ ਬਾਰਿਸ਼ ਕਾਰਨ ਲੋਕਾਂ ਦੇ ਮਕਾਨਾਂ, ਪਸ਼ੂ ਧਨ ਆਦਿ ਦੇ ਹੋਏ ਨੁਕਸਾਨ ਸਬੰਧੀ ਪ੍ਰਾਪਤ ਬਿਨੈ ਪੱਤਰਾਂ ਦੇ ਆਧਾਰ ’ਤੇ ਹੁਣ ਤੱਕ ਇਨ੍ਹਾਂ ਤਿੰਨ ਉਪ ਮੰਡਲਾਂ ਵਿਚ 64 ਲੱਖ 68 ਹਜ਼ਾਰ 500 ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਬਣਾਈਆਂ ਗਈਆਂ ਕਮੇਟੀਆਂ ਵਲੋਂ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਪਿੰਡਾਂ ਤੋਂ ਪ੍ਰਾਪਤ ਬਿਨੈ ਪੱਤਰਾਂ ਦਾ ਵੀ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜਲਦ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੁਕੇਰੀਆਂ ਵਿਚ ਹੜ੍ਹਾਂ ਕਾਰਨ ਹੋਏ ਮਕਾਨਾਂ, ਪਸ਼ੂ ਧਨ ਆਦਿ ਦੇ ਨੁਕਸਾਨ ਸਬੰਧੀ ਪ੍ਰਾਪਤ ਬਿਨੈ ਪੱਤਰਾਂ ਦੇ ਆਧਾਰ ’ਤੇ 42 ਲੱਖ 61 ਹਜ਼ਾਰ 500 ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਭਾਵਿਤ ਲੋਕਾਂ ਨੂੰ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਪ ਮੰਡਲ ਦਸੂਹਾ ਵਿਚ ਲੋਕਾਂ ਤੋਂ ਪ੍ਰਾਪਤ ਬਿਨੈ ਪੱਤਰਾਂ ਦੇ ਆਧਾਰ ’ਤੇ 14 ਲੱਖ 18 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਉਪ ਮੰਡਲ ਟਾਂਡਾ ਵਿਚ 7 ਲੱਖ 89 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਹੋਰ ਪ੍ਰਾਪਤ ਮੁਆਵਜ਼ਾ ਰਾਸ਼ੀ ਨੂੰ ਵੀ ਜਲ ਹੀ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਦੇ ਮੁਆਵਜ਼ਾ ਰਾਸ਼ੀ ਦੀ ਵੰਡ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਮੈਗਾ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਨੁਕਸਾਨ ਸਬੰਧੀ ਬਿਨੈ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ।

ਕੋਮਲ ਮਿੱਤਲ ਨੇ ਦੱਸਿਆ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਨ ਲਈ ਮਾਲ ਅਤੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕਰ ਦਿੱਤੀ ਗਈ ਹੈ, ਤਾਂ ਜੋ ਖੇਤਾਂ ਵਿਚ ਪਾਣੀ ਦੇ ਉਤਰਨ ਤੋਂ ਤੁਰੰਤ ਬਾਅਦ ਫ਼ਸਲਾਂ ਦੇ ਨੁਕਸਾਨ ਦਾ ਸਹੀ ਨਿਰਧਾਰਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਦੇ ਖੇਤਾਂ ਵਿਚ ਹੜ੍ਹ ਦਾ ਪਾਣੀ ਉਤਰ ਗਿਆ ਹੈ, ਉਥੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਖਰਾਬੇ ਸਬੰਧੀ ਗਿਰਦਾਵਰੀ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਪੀੜਤਾਂ ਨੂੰ ਫ਼ਸਲ ਦੇ ਨੁਕਸਾਨ ਸਬੰਧੀ ਜਲਦ ਤੋਂ ਜਲਦ ਨਿਯਮਾਂ ਮੁਤਾਬਕ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਬੰਧਤ ਉਪ ਮੰਡਲਾਂ ਦੇ ਐਸ.ਡੀ.ਐਮਜ਼ ਵਲੋਂ ਸਾਰੇ ਕੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਨੂੰ ਨਾਲ ਲੈ ਕੇ ਸਿੱਧੇ ਤੌਰ ’ਤੇ ਮੌਕੇ ’ਤੇ ਪਹੁੰਚ ਕੀਤੀ ਜਾ ਰਹੀ ਹੈ ਅਤੇ ਸਬੰਧਤ ਸਮੱਸਿਆਵਾਂ ਦਾ ਨਿਪਟਾਰਾ ਵੀ ਮੌਕੇ ’ਤੇ ਕੀਤਾ ਜਾ ਰਿਹਾ ਹੈ।  

LEAVE A REPLY

Please enter your comment!
Please enter your name here