
ਜੰਡਿਆਲਾ (ਦ ਸਟੈਲਰ ਨਿਊਜ਼), ਪਲਕ। ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ ਵਿੱਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਨਿਜ਼ਾਮਪੁਰ ਦੀ ਸਰਪੰਚ ਕਰਮਜੀਤ ਕੌਰ ਦੇ ਪੁੱਤਰ ਦਿਲਸ਼ੇਰ ਸਿੰਘ ਉਰਫ ਸ਼ੇਰਾ ਦਾ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਆਪਸੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਹੀਰਾ ਸਿੰਘ ਮੁਤਾਬਕ ਉਨ੍ਹਾਂ ਦਾ ਪੁੱਤਰ ਡਾਕਟਰ ਕੋਲੋ ਦਵਾਈ ਲੈਣ ਗਿਆ ਸੀ ਕਿ ਪਿੰਡ ਦੇ ਰਹਿਣ ਵਾਲੇ ਮੁਲਜ਼ਮਾਂ ਨੇ ਉਸ ਤੇ ਤੇਜ਼ਧਾਰ ਹਥਿਆਰਾਂ ਤੇ ਸ਼੍ਰੀ ਸਾਹਿਬ ਨਾਲ ਹਮਲਾ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਾਲਤ ਵਿੱਚ ਦਿਲਸ਼ੇਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦਿੱਤਾ ਗਿਆ।
ਮੁਲਜ਼ਮਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਦੇ ਪਰਿਵਾਰ ਦੀ ਲੜਕੀ ਨਾਲ ਉਸਦੇ ਪ੍ਰੇਮ ਸਬੰਧ ਸਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕਿ ਮੁਲਜ਼ਮਾਂ ਹਰਜੀਤ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।












