ਜ਼ਿਲ੍ਹੇ ‘ਚ 6 ਹਜ਼ਾਰ ਵਲੰਟੀਅਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੇ ਜਾਗਰੂਕ

ਪਟਿਆਲਾ (ਦ ਸਟੈਲਰ ਨਿਊਜ਼)। ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਟਿਆਲਾ ਜ਼ਿਲ੍ਹੇ ਵਿੱਚ 6 ਹਜ਼ਾਰ ਵਲੰਟੀਅਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨਗੇ ਤੇ ਇਸ ਨਾਲ ਸਿਹਤ ਅਤੇ ਮਿੱਟੀ ਨੂੰ ਹੋਣ ਵਾਲੇ ਮਾਰੂ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣਗੇ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਤੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਉਪਲਬੱਧ ਹੈ ਤੇ ਸਿਰਫ਼ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਹੋ ਜਾਵੇਗੀ ਤਾਂ ਅੱਗ ਲਗਾਉਣ ਦੀ ਸਮੱਸਿਆ ਆਪਣੇ ਆਪ ਹੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਵਟਸਐਪ ਗਰੁੱਪ, ਜਾਗਰੂਕਤਾ ਕੈਂਪ ਸਮੇਤ ਇਕ ਚੈਟ ਬੋਟ ਵੀ ਬਣਾਇਆ ਜਾ ਰਿਹਾ ਹੈ ਜਿਥੋ ਉਹ ਆਪਣੇ ਨੇੜੇ ਮੌਜੂਦ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਸੈਟੇਲਾਈਟ ਰਾਹੀਂ ਤੁਰੰਤ ਸਬੰਧਤ ਵਿਭਾਗਾਂ ਪਾਸ ਪੁੱਜ ਜਾਂਦੀ ਹੈ, ਇਸ ਸਬੰਧੀ ਵੀ ਕਿਸਾਨਾਂ ਨੂੰ ਸੁਚੇਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ‘ਤੇ ਵੀ ਨਿਯਮ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਜੂਦ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸੀ.ਆਰ.ਐੱਮ. ਸਕੀਮ ਤਹਿਤ ਵੱਖ ਵੱਖ ਮਸ਼ੀਨਰੀ ਕਿਸਾਨਾਂ ਨੂੰ ਉਪਲਬੱਧ ਕਰਵਾਈ ਜਾ ਰਹੀ ਹੈ, ਜਿਸ ਵਿੱਚ 300 ਸਰਫੇਸ ਸੀਡਰ ਹਨ, ਜਿਨ੍ਹਾਂ ਵਿੱਚੋਂ 40 ਪੰਚਾਇਤਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਐੱਸ.ਡੀ.ਐੱਮ ਨੂੰ ਵੀ ਪਿੰਡਾਂ ਵਿੱਚ ਖ਼ੁਦ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਪ੍ਰਬੰਧਨ ਦਾ ਸਬ ਡਵੀਜ਼ਨ ਪੱਧਰ ‘ਤੇ ਮਾਈਕਰੋ ਪਲਾਨ ਤਿਆਰ ਕਰਨ ਦੀ ਹਦਾਇਤ ਵੀ ਕੀਤੀ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।

Advertisements

LEAVE A REPLY

Please enter your comment!
Please enter your name here