ਖੇਤੀਬਾੜੀ ਵਿਭਾਗ ਨੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਅੱਜ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਢਾਬਾ ਕੋਕਰੀਆ (ਅਬੋਹਰ), ਸਰਕਾਰੀ ਪ੍ਰਾਇਮਰੀ ਸਕੂਲ ਭੱਬਾ ਵੱਟੂ ਉੱਤਰ, ਸਰਕਾਰੀ ਮਿਡਲ ਸਕੂਲ ਲਖੇ ਕੇ ਮੁਸਾਹਿਬ ਉੱਤਰ, ਢਾਬਾ ਕੇਰਾ (ਅਬੋਹਰ), ਪਿੰਡ ਵਹਾਬ ਵਾਲਾ (ਅਬੋਹਰ), ਹਮੀਦ ਸੈਦੇ ਕੇ, ਭੰਬਾ ਵੱਟੂ ਹਿਥਾੜ, ਆਲਮਗੜ੍ਹ, ਕੁੰਡਲ (ਅਬੋਹਰ), ਬੋਦੀਵਾਲਾ ਪਿੱਠਾ, ਅਭੁੰਨ, ਤਾਜ਼ਾ ਪੱਟੀ (ਅਬੋਹਰ) ਅਤੇ ਹਾਮਿਦ ਸੈਦ ਕੇ, ਬੱਖੂ ਸ਼ਾਹ ਫਾਜ਼ਿਲਕਾ ਆਦਿ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾ ਕੇ ਪਿੰਡ ਵਾਸੀਆਂ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਗਿਆ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਜੇਕਰ ਉਹ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਮਿਲਾਉਣਗੇ ਤਾਂ ਉਸ ਨਾਲ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸਿਤ ਹੁੰਦਾ ਹੈ ਉੱਥੇ ਹੀ ਅਨੇਕਾਂ ਪ੍ਰਕਾਰ ਦੀਆਂ ਸਾਹ ਅਤੇ ਚਮੜੀ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਨੇੜੇ ਆ ਰਿਹਾ ਹੈ ਅਤੇ ਜ਼ਿਲ੍ਹੇ ਦੇ ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋ ਆਧੁਨਿਕ ਸੰਦਾਂ ਨਾਲ ਖੇਤਾਂ ਵਿੱਚ ਹੀ ਵਾਹੁਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਜਜਬ ਕਰਨ ਵਾਲੇ ਖੇਤੀਬਾੜੀ ਸੰਦ ਖਰੀਦਣ ਤੇ ਸਬਸਿਡੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਜ਼ਿਲ੍ਹੇ ਦੇ ਸਾਰੇ ਵਾਸੀ ਰਲ ਕੇ ਇਹ ਪ੍ਰਣ ਕਰੀਏ ਕਿ ਅਸੀਂ ਆਪਣੇ ਜ਼ਿਲ੍ਹੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਕਰਨ ਵਿੱਚ ਕੋਈ ਵੀ ਕਸਰ ਨਹੀਂ ਛੱਡਣਗੇ। ਜੇਕਰ ਅਸੀਂ ਪਰਾਲੀ ਨੂੰ ਅੱਗ ਨਹੀਂ ਲਗਾਵਾਗੇ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਸਾਫ ਸੁਥਰਾ ਵਾਤਾਵਰਨ ਮਿਲੇਗਾ।

LEAVE A REPLY

Please enter your comment!
Please enter your name here