ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 25 ਸਤੰਬਰ 2023 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਨਾਲ ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨ ਆਪਣਾ ਧੰਦਾ ਸ਼ੁਰੂ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਂਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸੰਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਤੱਕ ਹੀਂ ਚਾਹੀਦੀ ਹੈ। ਇਸ ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ। ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ ਫੋਟੋਆਂ ਨਾਲ ਲੈ ਕੇ ਮਿਤੀ 22 ਸਤੰਬਰ ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਰਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।
ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵਲੋ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।