
ਸ਼੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼), ਪਲਕ। ਸ਼੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਇੱਕ ਮੈਂਬਰ ਵਕੀਲ ਨੂੰ ਪੰਜਾਬ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ, ਜਿਸ ਕਾਰਨ ਹਰਿਆਣਾ ਹਾਈਕੋਰਟ ਵਿੱਚ ਕੰਮ ਠੱਪ ਰਹੇਗਾ। ਇਸ ਦੇ ਵਿਰੋਧ ਵਿੱਚ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਵਕੀਲ ਮਾਮਲੇ ਦੀ ਜਾਂਚ ਕਿਸੇ ਬਾਹਰੀ ਏਜੰਸੀ ਜਾਂ ਸੀਬੀਆਈ/ਐਨਆਈਏ ਤੋਂ ਕਰਵਾਉਣ ਦੀ ਮੰਗ ਕਰ ਰਹੇ ਹਨ। ਵਕੀਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ। ਵਕੀਲਾਂ ਨੇ ਕਿਹਾ ਕਿ ਇਹ ਮਾਮਲਾ ਉਸ ਸਮੇਂ ਖਤਮ ਹੋਵੇਗਾ ਜਦੋਂ ਮੁਲਜ਼ਮ ਨੂੰ ਇਸ ਘਿਨਾਉਣੇ ਅਪਰਾਧ ਲਈ ਸਜ਼ਾ ਦਿੱਤੀ ਜਾਵੇਗੀ।

ਇਸ ਕਾਰਨ ਨਿਰਪੱਖ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਸ਼੍ਰੀ ਮੁਕਤਸਰ ਸਾਹਿਬ ਦੇ ਐੱਸਪੀ (ਡੀ) ਰਮਨਦੀਪ ਸਿੰਘ ਭੁੱਲਰ ਸਣੇ ਸੀਆਈਏ ਇੰਚਾਰਜ ਰਮਨ ਕੰਬੋਜ ਤੇ ਚਾਰ ਕਾਂਸਟੇਬਲ ਹਰਬੰਸ ਸਿੰਘ, ਭੁਪਿੰਦਰ, ਗੁਰਪ੍ਰੀਤ ਸਿੰਘ ਤੇ ਦਾਰਾ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਗਿਆ। ਵਕੀਲਾਂ ਨੇ ਕੰਮ ਤੇ ਦੁਬਾਰਾ ਪਰਤਣ ਤੋਂ ਪਹਿਲਾਂ ਕਈ ਮੰਗਾਂ ਰੱਖੀਆਂ ਹਨ। ਮਾਮਲੇ ਦੀ ਜਾਂਚ ਪੰਜਾਬ ਤੋਂ ਬਾਹਰ ਹਰਿਆਣਾ ਜਾਂ ਚੰਡੀਗੜ੍ਹ ਦੀ ਕਿਸੇ ਆਜ਼ਾਦ ਏਜੰਸੀ ਨੂੰ ਸੌਂਪੀ ਜਾਵੇ। ਵਕੀਲ ਖਿਲਾਫ ਦਰਜ ਐਫਆਈਆਰ ਤਤਕਾਲ ਪ੍ਰਭਾਵ ਨਾਲ ਰੱਦ ਕੀਤੀ ਜਾਵੇ। ਪੀੜਤ ਵਕੀਲ ਨੂੰ ਤਸ਼ੱਦਦ ਦੇਣ ਵਾਲੀ ਮੁਲਜ਼ਮ ਅਧਿਕਾਰੀਆਂ ਖਿਲ਼ਾਫ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਐੱਸਐੱਸਪੀ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ।











