ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਪ੍ਰਦੀਪ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਭੇਟ ਕੀਤੀਆਂ ਗਈਆਂ ਸ਼ਰਧਾਂਜਲੀਆਂ

ਸਮਾਣਾ, (ਦ ਸਟੈਲਰ ਨਿਊਜ਼): ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪ੍ਰਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

Advertisements

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਰਾਜ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ਵਿੱਚ ਵੱਖ-ਵੱਖ ਕਾਰਜਾਂ ‘ਤੇ 99 ਲੱਖ ਰੁਪਏ ਖਰਚ ਕੀਤੇ ਜਾਣਗੇ। ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਝ ਦਿਨ ਪਹਿਲਾਂ ਖ਼ੁਦ ਇਸ ਪਿੰਡ ਵਿਖੇ ਆਕੇ ਐਲਾਨ ਕਰਕੇ ਗਏ ਸਨ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਵਿਖੇ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ ਤੇ ਇਹ ਨਿਯੁਕਤੀ ਕਰ ਦਿਤੀ ਗਈ ਹੈ।ਇਸਦੇ ਨਾਲ ਹੀ ਮੁੱਖ ਮੰਤਰੀ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਕੇ ਗਏ ਸਨ।

ਜੌੜਾਮਾਜਰਾ ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਮ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਮ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ। ਸ਼ਹੀਦ ਦੇ ਨਾਂ ‘ਤੇ 20 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਮਿਊਨਿਟੀ ਹਾਲ, 16 ਲੱਖ ਰੁਪਏ ਨਾਲ ਲਾਇਬ੍ਰੇਰੀ ਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਹੋਵੇਗੀ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ ‘ਤੇ ਯਾਦਗਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ।ਬਾਬਾ ਅਮਰ ਦਾਸ ਡੇਰੇ ਨੂੰ ਜਾਂਦਾ ਰਸਤਾ 31 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਕਰਨ ਸਮੇਤ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਜੌੜਾਮਾਜਰਾ ਨੇ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਵੀ ਦੁਹਰਾਉਂਦਿਆਂ ਕਿਹਾ ਕਿ ਪੂਰਾ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਜਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਮਿਤੀ 13 ਸਤੰਬਰ ਨੂੰ ਸ਼ਹੀਦੀ ਪਾ ਗਿਆ ਸੀ। ਉਸਦੀ ਮ੍ਰਿਤਕ ਦੇਹ ਕਰੀਬ 5 ਦਿਨਾਂ ਬਾਅਦ ਬਰਾਮਦ ਹੋਈ ਸੀ। ਮੰਤਰੀ ਨੇ ਕਿਹਾ ਕਿ ਇਹ ਦੇਸ਼, ਪੰਜਾਬ ਅਤੇ ਵਿਸ਼ੇਸ਼ ਕਰਕੇ ਸ਼ਹੀਦ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਮੌਕੇ ਗੁਲਜਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ , ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਜਿਲ਼੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ ਐਸ ਰੰਧਾਵਾ, ਹਰਦੀਪ ਸਿੰਘ ਚੀਮਾ, ਹਰਮੇਸ਼ ਸ਼ਰਮਾ, ਸੁਰਜੀਤ ਸਿੰਘ ਦਹੀਆ, ਰਾਜਬੀਰ ਸਿੰਘ ਬਲਮਗੜ੍ਹ, ਪਰਵਿੰਦਰ ਸਿੰਘ, ਜੁਗਰਾਜ ਸਿੰਘ, ਕਾਲਾ ਬਲਮਗੜ੍ਹ ਸਮੇਤ ਭਾਰਤੀ ਸੈਨਾ ਦੇ ਮੌਜੂਦਾ ਤੇ ਸਾਬਕਾ ਜਵਾਨ ਤੇ ਅਧਿਕਾਰੀ, ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here