ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਹੁਸ਼ਿਆਰਪੁਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ ਮਾਹਿਲਪੁਰ ਬਲਾਕ ਦੇ ਅਪਣਾਏ ਪਿੰਡ ਨਡਾਲੋਂ ਵਿਖੇ ਕੀਤਾ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਕੈਂਪ ਦੀ ਸ਼ੁਰੂਆਤ ਵਿੱਚ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਹੁਸ਼ਿਆਰਪੁਰ ਡਾ. ਮਨਿੰਦਰ ਸਿੰਘ ਬੌਂਸ ਨੇ ਪਹੁੰਚੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਿਸਾਨ ਭਲਾਈ ਸਬੰਧੀ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿੱਚ ਪਰਾਲੀ ਪ੍ਰਬੰਧਨ ਤਹਿਤ ਪਿੰਡਾਂ, ਸਕੂਲਾਂ/ਕਾਲਜਾਂ ਵਿੱਚ ਜਾਗਰੁਕਤਾ ਕੈਂਪਾਂ, ਸਿਖਲਾਈ ਪ੍ਰੋਗਰਾਮਾਂ, ਪ੍ਰਦਰਸ਼ਨੀਆਂ, ਕੰਧਾਂ ਤੇ ਪੇਂਟਿੰਗਾਂ ਅਤੇ ਖੇਤੀ ਸਾਹਿਤ ਰਾਹੀਂ ਪਸਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

Advertisements

ਡਾ. ਬੌਂਸ ਨੇ ਇਸ ਗੱਲ ’ਤੇ ਜ਼ੋਰ ਦੇ ਕਿ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਹੀਂ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਨੇ ਕਿਸਾਨਾਂ ਨੂੰ ਸਮੂਹਿਕ ਰੂਪ ਵਿੱਚ ਇਸ ਮੁਹਿੰਮ ਨੂੰ ਸਫਲ਼ ਬਣਾਉਣ ਲਈ ਵੀ ਪ੍ਰੇਰਿਆ। ਉਨ੍ਹਾਂ ਨੇ ਹਾੜ੍ਹੀ ਦੀਆਂ ਫਸਲਾਂ ਕਣਕ, ਛੋਲੇ, ਮਸਰ ਅਤੇ ਗੋਭੀ, ਸਰੋਂ ਦੀ ਕਾਸ਼ਤ ਬਾਰੇ ਵੀ ਜਰੂਰੀ ਨੁਕਤੇ ਸਾਂਝੇ ਕੀਤੇ। ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ–ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਉਲਟਾਵਾਂ ਹੱਲ, ਮਲਚਰ, ਜੀਰੋ ਡਰਿੱਲ, ਆਦਿ ਅਤੇ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀ ਬੇਲਰ ਮਸ਼ੀਨ ਦੀ ਉੱਤਮ ਕਾਰਜਕੁਸ਼ਲਤਾ ਸਬੰਧੀ ਪਹਿਲੂਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਬਾਬਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਮਸ਼ੀਨਰੀ ਸਬਸਿਡੀ ’ਤੇ ਉਪਲਬਧ ਵੀ ਕਰਵਾਈ ਜਾ ਰਹੀ ਹੈ।

ਡਾ. ਅਜੈਬ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ’ਤੇ ਕਰਨ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ।ਕੈਂਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪਸ਼ੂ ਪਾਲਣ ਦੇ ਮਾਹਿਰ ਡਾ. ਪਰਮਿੰਦਰ ਸਿੰਘ ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ, ਪਰਾਲੀ ਦੀ ਖੁੰਬ ਉਤਪਾਦਨ, ਗੋਬਰ ਗੈਸ ਪਲਾਂਟ, ਊਰਜਾ ਅਤੇ ਚਾਰੇ ਵਜੋਂ ਵਰਤੋਂ ਅਤੇ ਪਸ਼ੂਆਂ ਦੀ ਮੌਸਮੀ ਸਾਂਭ-ਸੰਭਾਲ ਬਾਰੇ ਵਿਸਥਾਰ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਿਸਾਨਾਂ ਦੀ ਸਹੂਲਤ ਲਈ ਹਾੜ੍ਹੀ ਦੇ ਫਸਲਾਂ ਦੇ ਬੀਜ (ਗੋਭੀ ਸਰ੍ਹੋਂ, ਬਰਸੀਮ, ਪਿਆਜ, ਚਾਰੇ ਦੀਆਂ ਕਿੱਟਾਂ, ਦਾਲਾਂ ਅਤੇ ਤੇਲਬੀਜ ਫਸਲਾਂ ਦੀਆਂ ਕਿੱਟਾਂ, ਸਰਦੀ ਦੀਆਂ ਸਬਜੀਆਂ ਦੀਆਂ ਕਿੱਟਾਂ), ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ ਅਤੇ ਖੇਤੀ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ।

ਇਸ ਮੌਕੇ ਪਿੰਡ ਨਡਾਲੋਂ ਦੇ ਸਰਪੰਚ ਅੱਛਰਜੀਤ ਸਿੰਘ, ਪੰਚ ਹਰਕਿਸ਼ਨ ਸਿੰਘ, ਸੁਰਿੰਦਰ ਸਿੰਘ, ਹਰਬੰਸ ਸਿੰਘ, ਜਸਵਿੰਦਰ ਕੌਰ, ਗੁਰਜੀਤ ਕੌਰ, ਇੰਦਰਜੀਤ ਕੌਰ, ਲੰਬੜਦਾਰ ਸੁਖਵਿੰਦਰ ਸਿੰਘ, ਦਲਜੀਤ ਸਿੰਘ, ਦਵਿੰਦਰ ਸਿੰਘ, ਗੁਰਸ਼ਰਨ ਸਿੰਘ, ਤਰਸੇਮ ਸਿੰਘ, ਗਿਆਨੀ ਕਮਲਜੀਤ ਸਿੰਘ, ਅਗਾਂਹਵਧੂ ਕਿਸਾਨ  ਗੁਰਚਰਨ ਸਿੰਘ, ਉਂਕਾਰ ਸਿੰਘ, ਅਸ਼ੋਕ ਕੁਮਾਰ, ਭੁਪਿੰਦਰ ਸਿੰਘ ਆਦਿ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਮਾਹਿਰਾਂ ਨਾਲ ਪਰਾਲੀ ਪ੍ਰਬੰਧਨ ਅਤੇ ਫਸਲਾਂ ਦੀ ਕਾਸ਼ਤ ਸਬੰਧੀ ਆਪਣੇ ਖਦਸ਼ਿਆਂ ਬਾਰੇ ਵਿਚਾਰ–ਚਰਚਾ ਵੀ ਕੀਤੀ।

LEAVE A REPLY

Please enter your comment!
Please enter your name here