ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਤਿਲ਼ਾਂ ਦੀ ਕਾਸ਼ਤ ਸਬੰਧੀ ਖੇਤ ਦਿਵਸ ਦਾ ਆਯੋਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਕੰਢੀ ਇਲਾਕੇ ਵਿਚ ਸਾਉਣੀ ਦੌਰਾਨ ਤਿਲ਼ਾਂ ਦੀ ਕਾਸ਼ਤ ਤਕਰੀਬਨ 400 ਹੈਕਟੇਅਰ ਰਕਬੇ ਵਿਚ ਕੀਤੀ ਜਾਂਦੀ ਹੈ। ਇਸ ਫ਼ਸਲ ਨੂੰ ਜ਼ਿਆਦਾ ਪਾਣੀ ਦੀ ਜ਼ਰੂਰਤ ਨਹੀਂ ਹੈ ਅਤੇ ਨਾ ਹੀ ਜ਼ਿਆਦਾ ਸਾਂਭ-ਸੰਭਾਲ ਦੀ। ਕਿਸਾਨਾਂ ਨੂੰ ਤਿਲ਼ਾਂ ਦੀ ਸਫਲ ਕਾਸ਼ਤ ਸਬੰਧੀ ਜ਼ੋਰ ਦੇਣ ਲਈ ਅਤੇ ਉਨ੍ਹਾਂ ਸਬੰਧੀ ਲਗਾਈਆਂ ਖੇਤ ਪ੍ਰਦਰਸ਼ਨੀਆਂ ਦੀ ਕਾਰਗੁਜ਼ਾਰੀ ਦਰਸਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਪਿੰਡ ਬਛੋਹੀ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਖੇਤ ਦਿਵਸ ਦੌਰਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸੰਬੋਧਨ ਕਰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਡਾ. ਮਨਿੰਦਰ ਸਿੰਘ ਬੌੰਸ ਨੇ ਤਿਲ਼ਾਂ ਦੀਆਂ ਫਸਲ ਪ੍ਰਦਰਸ਼ਨੀਆਂ ਦੇ ਮਨੋਰਥ ਬਾਰੇ ਚਾਨਣਾ ਪਾਇਆ।

Advertisements

ਡਾ. ਬੌਂਸ ਨੇ ਤਿਲ਼ਾਂ ਦੀ ਫ਼ਸਲ ਪ੍ਰਦਰਸ਼ਨੀ ਤਹਿਤ ਬੀਜੀ ਉੱਨਤ ਕਿਸਮ-ਪੰਜਾਬ ਤਿਲ਼ ਨੰ. 2 ਦੀ ਸਫਲ ਕਾਸ਼ਤ ਦੇ ਢੰਗ, ਖਾਦਾਂ ਦੀ ਵਰਤੋਂ, ਕੀੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਇਸ ਕਿਸਮ ਨੂੰ ਭਰਪੂਰ ਸ਼ਾਖਾਵਾਂ ਫੁੱਟਦੀਆਂ ਹਨ ਅਤੇ ਵਧੇਰੇ ਫ਼ਲ਼ੀਆਂ ਲੱਗਦੀਆਂ ਹਨ। ਇਹ ਕਿਸਮ ਤਕਰੀਬਨ 90 ਦਿਨਾਂ ਵਿਚ ਪੱਕ ਜਾਂਦੀ ਹੈ ਅਤੇ ਇਸ ਦਾ ਔਸਤ ਝਾੜ 2.8 ਕੁਇੰਟਲ ਪ੍ਰਤੀ ਏਕੜ ਹੈ। ਡਾ. ਬੌਂਸ ਨੇ ਹਾੜ੍ਹੀ ਦੀਆਂ ਫਸਲਾਂ-ਕਣਕ, ਗੋਭੀ ਸਰ੍ਹੋਂ, ਛੋਲੇ ਅਤੇ ਮਸਰ ਦੀ ਕਾਸ਼ਤ ਬਾਰੇ ਵੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਣ ਬਾਰੇ ਵੀ ਜ਼ੋਰ ਦਿੱਤਾ। ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਸੰਭਾਲਣ ਦੇ ਵੱਖ-ਵੱਖ ਤਰੀਕਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।

ਉਨ੍ਹਾਂ ਨੇ ਪਰਾਲੀ ਵਿਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ, ਪਰਾਲੀ ਦੀ ਖੁੰਬ ਉਤਪਾਦਨ, ਗੋਬਰ ਗੈਸ ਪਲਾਂਟ, ਊਰਜਾ ਅਤੇ ਚਾਰੇ ਵਜੋਂ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਡਾ. ਅਜੈਬ ਸਿੰਘ ਨੇ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਖੇਤੀ ਜਿਣਸਾਂ ਦੀ ਮਹੱਤਤਾ ਸਬੰਧੀ ਵੀ ਦੱਸਿਆ। ਕੈਂਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪਸ਼ੂ ਪਾਲਣ ਦੇ ਮਾਹਿਰ ਡਾ. ਪਰਮਿੰਦਰ ਸਿੰਘ ਨੇ ਪਸ਼ੂਆਂ ਦੀ ਮੌਸਮੀ ਸਾਂਭ-ਸੰਭਾਲ ਬਾਰੇ ਵਿਸਥਾਰ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ ਅਤੇ ਬਾਈਪਾਸ ਫੈਟ ਵਰਤਣ ਲਈ ਵੀ ਪ੍ਰੇਰਿਆ। ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੁਖਵਿੰਦਰ ਸਿੰਘ ਔਲਖ ਨੇ ਅੱਜ ਦੇ ਸਮੇਂ ਦੌਰਾਨ ਪੌਸ਼ਟਿਕ ਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਪੌਸ਼ਟਿਕ ਘਰ ਬਗੀਚੀ ਅਪਨਾਉਣ ਬਾਰੇ ਪ੍ਰੇਰਿਤ ਕੀਤਾ।

ਪੌਸ਼ਟਿਕ ਘਰ ਬਗੀਚੀ ਨੂੰ ਉਤਸ਼ਾਹਿਤ ਕਰਨ ਸਬੰਧੀ ਹਾਜ਼ਰ ਕਿਸਾਨ ਅਤੇ ਕਿਸਾਨ ਬੀਬੀਆਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਵੀ ਪ੍ਰਦਰਸ਼ਨੀ ਤਹਿਤ ਉਪਲਬੱਧ ਕਰਵਾਈਆਂ ਗਈਆਂ। ਮਾਹਿਰਾਂ ਨੇ ਕਿਸਾਨਾਂ ਦੇ ਵਿਚਾਰ ਵੀ ਸੁਣੇ ਅਤੇ ਉਨ੍ਹਾਂ ਦੇ ਖਦਸ਼ਿਆਂ ਬਾਰੇ ਵਿਸਥਾਰ ਨਾਲ ਜਵਾਬ ਦਿੱਤੇ। ਇਸ ਮੌਕੇ ਕਿਸਾਨਾਂ ਦੀ ਸਹੂਲਤ ਲਈ ਪਿਆਜ਼, ਬਰਸੀਮ ਅਤੇ ਗੋਭੀ ਸਰ੍ਹੋਂ ਦੇ ਬੀਜ, ਦਾਲਾਂ ਤੇ ਤੇਲ ਬੀਜ ਕਿੱਟਾਂ, ਚਾਰੇ ਦੀਆਂ ਕਿੱਟਾਂ, ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ ਅਤੇ ਖੇਤੀ ਸਾਹਿਤ ਵੀ ਉਪਲਬਧ ਕਰਵਾਇਆ ਗਿਆ। 

LEAVE A REPLY

Please enter your comment!
Please enter your name here