ਪਟਿਆਲਾ, (ਦ ਸਟੈਲਰ ਨਿਊਜ਼)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ, ਹੁਣ ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਗ ਦੀਆਂ ਕਲਾਸਾਂ ਨਾਲ 7669 400 500 ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ।
ਇਸ ਯੋਜਨਾ ਦੇ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ। ਪਹਿਲੇ ਪੜਾਅ ਨੂੰ 5 ਅਪ੍ਰੈਲ, 2023 ਨੂੰ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਲਾਂਚ ਕੀਤਾ ਗਿਆ ਸੀ। ਉੱਥੇ ਹੀ ਦੂਸਰਾ ਪੜਾਅ 20 ਜੂਨ, 2023 ਨੂੰ 5 ਸ਼ਹਿਰਾਂ ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ.ਨਗਰ (ਮੁਹਾਲੀ), ਸੰਗਰੂਰ ਅਤੇ ਬਠਿੰਡਾ ਵਿਖੇ ਸ਼ੁਰੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਹੁਣ ਆਪਣੇ ਤੀਸਰੇ ਪੜਾਅ ਵਿੱਚ ਇਹ ਯੋਜਨਾ ਪੰਜਾਬ ਦੇ 15 ਸ਼ਹਿਰਾਂ ਬਰਨਾਲਾ, ਫ਼ਰੀਦਕੋਟ, ਫ਼ਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨ ਤਾਰਨ ਅਤੇ ਮਲੇਰਕੋਟਲਾ ਵਿੱਚ 5 ਅਕਤੂਬਰ, 2023 ਤੋਂ ਲਾਗੂ ਕੀਤੀ ਜਾਵੇਗੀ। ਇਹ ਸਾਰੇ ਪੜਾਅ ਸੰਯੁਕਤ ਰੂਪ ਵਿੱਚ ਪੰਜਾਬ ਰਾਜ ਦੇ ਸਾਰੇ ਪ੍ਰਮੁੱਖ ਸ਼ਹਿਰਾਂ/ ਮੁੱਖ ਜ਼ਿਲ੍ਹਾ ਦਫ਼ਤਰਾਂ ਨੂੰ ਕਵਰ ਕਰਨਗੇ।
ਉਨ੍ਹਾਂ ਦੱਸਿਆ ਕਿ ਪਹਿਲੇ ਅਤੇ ਦੂਜੇ ਪੜਾਅ ਵਿੱਚ ਹਰ ਦਿਨ 300 ਤੋਂ ਜ਼ਿਆਦਾ ਕਲਾਸਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਅਤੇ 10,000 ਤੋਂ ਜ਼ਿਆਦਾ ਨਾਗਰਿਕ ਯੋਗ ਦਾ ਅਭਿਆਸ ਕਰ ਰਹੇ ਹਨ। ਸੀ.ਐਮ.ਦੀ ਯੋਗਸ਼ਾਲਾ ਦੇ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੇ ਗਏ ਥਾਵਾਂ ਤੇ ਜਿਵੇਂ ਕਿ ਪਾਰਕ/ ਜਨਤਕ ਥਾਂ ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਵੇਗੀ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟਰਕਟਰ ਘਰ ਭੇਜੇਗੀ। ਜੇਕਰ ਲੋਕ ਚਾਹੁਣ ਤਾਂ ਉਹ ਖ਼ੁਦ/ਇੱਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਣਗੇ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ਼ਰੀ ਨੰਬਰ 7669400500 ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ਤੇ ਲੌਗਿਇੰਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਤੋਂ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ਤੇ ਸੰਪਰਕ ਕਰ ਸਕਦੇ ਹਨ ਜਾਂ [email protected] ਤੇ ਈਮੇਲ ਭੇਜ ਸਕਦੇ ਹਨ।