ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਵਾਤਾਵਰਨ ਦੇ ਰਾਖੇ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਮਿਲੇਗੀ ਵਿਸ਼ੇਸ਼ ਤਰਜ਼ੀਹ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਵਾਤਾਵਰਨ ਦੇ ਰਾਖੇ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਵਿਸ਼ੇਸ਼ ਤਰਜੀਹ ਦੇਣ ਲਈ ਕਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਜਿਸ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਜਾਵੇਗੀ, ਉਸ ਕਿਸਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੇ ਰਾਖੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਜਿਸ ਵੀ ਕਿਸਾਨ ਕੋਲ ਵਾਤਾਵਰਨ ਦੇ ਰਾਖੇ ਐਵਾਰਡ ਦਾ ਸਰਟੀਫਿਕੇਟ ਹੋਵੇਗਾ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਬੰਧਤ ਸਰਕਾਰੀ ਦਫ਼ਤਰਾਂ ਵਿੱਚ ਕੋਈ ਕੰਮ ਪੈਂਦਾ ਜਾਂ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਸਦਾ ਕੰਮ ਨਿਯਮਾਂ ਅਨੁਸਾਰ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕੇਸਾਂ ਵਿੱਚ ਪਹਿਲਾਂ ਆਨ ਲਾਈਨ ਅਪਵਾਇੰਟਮੈਂਟ (ਸਮਾਂ ਅਤੇ ਮਿਤੀ) ਫਿਕਸ ਹੁੰਦੀ ਹੈ, ਓਥੇ ਇਹ ਹੁਕਮ ਲਾਗੂ ਨਹੀਂ ਹੋਣਗੇ।

Advertisements

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਫਸਲੀ ਰਹਿੰਦ-ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੇ ਰਾਖੇ ਐਵਾਰਡ ਪ੍ਰਾਪਤ ਕਰਕੇ ਸਰਕਾਰੀ ਦਫ਼ਤਰਾਂ ਵਿੱਚ ਵਿਸ਼ੇਸ਼ ਤਰਜੀਹ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ, ਕਿਉਂਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਪੋਸ਼ਟਿਕ ਤੱਤ ਨਸ਼ਟ ਹੁੰਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ। ਇਸ ਤੋਂ ਇਲਾਵਾ ਇਸ ਨਾਲ ਸਾਹ ਦੀਆਂ ਕਈ ਭਿਆਨਿਕ ਬਿਮਾਰੀਆਂ ਵੀ ਫੈਲਦੀਆਂ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ।  

LEAVE A REPLY

Please enter your comment!
Please enter your name here