ਡਿਪਟੀ ਕਮਿਸ਼ਨਰ ਵੱਲੋਂ ਸਨੌਰੀ ਅਤੇ ਸਨੌਰ ਅਨਾਜ ਮੰਡੀ ਦਾ ਦੌਰਾ, ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਸਨੌਰੀ ਤੇ ਸਨੌਰ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖਰੀਦ ਪ੍ਰਬੰਧਾਂ ਦਾ ਰੋਜਾਨਾ ਖੁਦ ਜਾਇਜ਼ਾ ਲੈ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ ਅਤੇ ਇਹ ਵੀ ਕੋਸ਼ਿਸ਼ ਕੀਤੀ ਜਾਵੇ ਕਿ ਕਿਸਾਨ ਨੂੰ ਮੰਡੀ ਵਿੱਚ ਰਾਤ ਨਾ ਕੱਟਣੀ ਪਵੇ। ਉਨ੍ਹਾਂ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਝੋਨੇ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ।


ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ ‘ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ। ਉਨ੍ਹਾਂ ਹੀਪ ਰਜਿਸਟਰ ਸਹੀ ਤਰ੍ਹਾਂ ਮੈਂਨਟੇਨ ਨਾ ਕਰਨ ਕਾਰਨ ਸਨੌਰ ਯਾਰਡ ਦੇ ਮੰਡੀ ਸੁਪਰਵਾਈਜ਼ਰ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ। ਸਾਕਸ਼ੀ ਸਾਹਨੀ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here