ਏਸ਼ਿਆਈ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇਜਿੰਦਰ ਪਾਲ ਤੂਰ ਤੇ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ ‘ਤੇ ਨਿੱਘਾ ਸਵਾਗਤ

ਪਟਿਆਲਾ (ਦ ਸਟੈਲਰ ਨਿਊਜ਼) । ਹਾਂਗਜੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦੀ ਝੋਲੀ ਮੈਡਲ ਪਾਉਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਦਾ ਅੱਜ ਪਟਿਆਲਾ ਪੁੱਜਣ ‘ਤੇ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਐਮ.ਐਲ.ਏ. ਸਨੌਰ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਵੱਡੀ ਗਿਣਤੀ ਖੇਡ ਪ੍ਰਸੰਸਕ ਮੌਜੂਦ ਸਨ। ਖਿਡਾਰੀ ਤੇਜਿੰਦਰ ਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਨੂੰ ਹੋਰਨਾਂ ਖਿਡਾਰੀਆਂ ਅਤੇ ਸਾਰੇ ਨੌਜਵਾਨਾਂ ਲਈ ਪ੍ਰੇਰਣਾ ਸ੍ਰੋਤ ਦੱਸਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੇਸ਼ ਤੇ ਸੂਬੇ ਲਈ ਇਹ ਮਾਣ ਦੀ ਗੱਲ ਹੈ ਕਿ ਇਸ ਵਾਰ ਏਸ਼ਿਆਈ ਖੇਡਾਂ ‘ਚ ਜਿਥੇ ਦੇਸ਼ ਨੇ ਹੁਣ ਤੱਕ 105 ਮੈਡਲ ਜਿੱਤੇ ਹਨ, ਉਥੇ ਹੀ ਪੰਜਾਬ ਦੇ ਖਿਡਾਰੀਆਂ ਨੇ ਇਤਿਹਾਸ ਸਿਰਜਦਿਆਂ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ 8 ਸੋਨ ਤਗਮਿਆਂ ਸਮੇਤ ਕੁਲ 33 ਮੈਡਲ ਜਿੱਤ ਕੇ ਮੈਡਲ ਦੇਸ਼ ਦੀ ਝੋਲੀ ਪਾਏ ਹਨ।
ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ 4 ਕਰੋੜ 64 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਬੜੇ ਸਕਰਾਤਮਕ ਨਤੀਜੇ ਆਏ ਹਨ ਅਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਸ਼ਾਮਲ 48 ਖਿਡਾਰੀਆਂ ਵਿਚੋਂ 33 ਖਿਡਾਰੀਆਂ ਨੇ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਪੰਜਾਬ ਦੀ ਖੇਡ ਨੀਤੀ ਅਨੁਸਾਰ ਸੋਨ ਤਗਮਾ ਜੇਤੂ ਖਿਡਾਰੀ ਨੂੰ 1 ਕਰੋੜ ਅਤੇ ਚਾਂਦੀ ਦਾ ਤਗਮਾ ਜੇਤੂ ਨੂੰ 75 ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 50 ਲੱਖ ਅਤੇ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਤੁਹਾਡੀ ਉਪਲਬੱਧੀ ਨਾਲ ਜਿਥੇ ਦੇਸ਼ ਦਾ ਮਾਣ ਵਧਿਆ ਹੈ, ਉਥੇ ਹੀ ਹੋਰਨਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣਾ ਹੁਨਰ ਦਿਖਾਉਣ ਲਈ ਇਹ ਉਪਲਬੱਧੀ ਚਾਨਣ ਮੁਨਾਰੇ ਦਾ ਕੰਮ ਕਰੇਗੀ। ਉਨ੍ਹਾਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਨੂੰ ਵੀ ਇਸ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਵਿਭਾਗ ਦੇ ਕਾਬਲ ਕੋਚਾਂ ਦੀ ਅਣਥੱਕ ਮਿਹਨਤ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਸੂਬੇ ਦਾ ਨਾਮ ਚਮਕਾਉਣ ਲਈ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਖੇਡ ਸਭਿਆਚਾਰ ਵਿਕਸਤ ਕਰਨਾ ਜ਼ਰੂਰੀ ਹੈ।
ਖੇਡ ਮੰਤਰੀ ਨੇ ਤੇਜਿੰਦਰ ਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਦੀ ਇਸ ਜਿੱਤ ਲਈ ਵਧਾਈ ਦਿੰਦਿਆਂ ਭਵਿੱਖ ‘ਚ ਹੋਰ ਵੀ ਅੱਗੇ ਵਧਣ ਦੀ ਕਾਮਨਾ ਕੀਤੀ ਤੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਤ ਕਰਨ ‘ਚ ਆਪਣੀ ਭੂਮਿਕਾ ਨਿਭਾਉਣ। ਜਿਕਰਯੋਗ ਹੈ ਕਿ ਤੇਜਿੰਦਰ ਪਾਲ ਸਿੰਘ ਤੂਰ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟਪੁੱਟ ਮੁਕਾਬਲੇ ਵਿਚ 20.36 ਮੀਟਰ ਥਰੋਅ ਨਾਲ ਸੋਨੇ ਦਾ ਤਮਗਾ ਜਿੱਤਿਆ ਹੈ। ਇਸ ਦੇ ਨਾਲ ਹੀ ਤੇਜਿੰਦਰ ਪਾਲ ਸਿੰਘ ਤੂਰ ਲਗਾਤਾਰ ਦੋ ਵਾਰ ਸ਼ਾਟਪੁੱਟ ਵਿੱਚ ਏਸ਼ਿਆਈ ਖੇਡਾਂ ਦਾ ਚੈਂਪੀਅਨ ਬਣਨ ਵਾਲਾ ਚੌਥਾ ਭਾਰਤੀ ਅਥਲੀਟ ਬਣ ਗਿਆ ਹੈ। ਹਰਮਿਲਨ ਬੈਂਸ ਨੇ ਦੋਹਰੀ ਪ੍ਰਾਪਤੀ ਹਾਸਲ ਕਰਦਿਆਂ 1500 ਮੀਟਰ ਤੇ 800 ਮੀਟਰ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਮੌਕੇ ਵੱਡੀ ਗਿਣਤੀ ਖਿਡਾਰੀ ਤੇ ਪਟਿਆਲਾ ਵਾਸੀ ਮੌਜੂਦਸਨ। ਇਸ ਮੌਕੇ ਹਰਮਿਲਨ ਦੇ ਮਾਤਾ ਜੀ ਅਰਜੁਨਾ ਐਵਾਰਡੀ ਮਾਧੁਰੀ ਅਮਨਦੀਪ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਮੇਲ ਸਿੰਘ ਘਰਾਚੋ, ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਤੇ ਓਲੰਪੀਅਨ ਹਰਵੰਤ ਕੌਰ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here