ਪਿਛਲੇ 8 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਕਿਸਾਨ ਪਲਵਿੰਦਰ ਸਹਾਰੀ ਬਣਿਆ ‘ਵਾਤਾਵਰਨ ਦਾ ਰਾਖਾ’

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਹਾਰੀ ਦਾ ਕਿਸਾਨ ਪਲਵਿੰਦਰ ਸਿੰਘ ਪਿਛਲੇ ਅੱਠ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾ ਕੇ ਫ਼ਸਲਾਂ ਦੀ ਕਾਸ਼ਤ ਕਰਕੇ ‘ਵਾਤਾਰਰਨ ਦਾ ਰਾਖਾ’ ਬਣਿਆ ਹੋਇਆ ਹੈ। ਕਿਸਾਨ ਪਲਵਿੰਦਰ ਸਿੰਘ ਵੱਲੋਂ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਉਸਦੇ ਖੇਤਾਂ ਦੀ ਉਪਜਾਊ ਸ਼ਕਤੀ ਵਧੀ ਹੈ ਜਿਸ ਕਾਰਨ ਹੁਣ ਉਸਦੀਆਂ ਫ਼ਸਲਾਂ ਦਾ ਝਾੜ ਵੀ ਵੱਧ ਨਿਕਲਦਾ ਹੈ।

Advertisements

ਕਿਸਾਨ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਕੋਲ ਆਪਣੇ ਭਰਾ ਨਾਲ ਸਾਂਝੀ 15 ਏਕੜ ਵਾਹੀਯੋਗ ਜ਼ਮੀਨ ਹੈ ਅਤੇ ਉਹ ਆਪਣੇ ਪਰਿਵਾਰ ਨਾਲ ਮਿਲ ਕੇ ਕਾਮਯਾਬ ਖੇਤੀ ਕਰ ਰਹੇ ਹਨ। ਉਸਨੇ ਦੱਸਿਆ ਕਿ ਕਰੀਬ 10 ਸਾਲ ਪਹਿਲਾਂ ਉਸਨੇ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਨਵੀਆਂ ਤਕਨੀਕਾਂ ਨੂੰ ਆਪਣੀ ਖੇਤੀ ਵਿੱਚ ਸ਼ਾਮਲ ਕੀਤਾ ਸੀ। ਉਸਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਪ੍ਰੇਰਨਾ ਸਦਕਾ ਉਸਨੇ ਕਦੀ ਵੀ ਆਪਣੀਆਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਅਤੇ ਖੇਤੀ ਸੰਦਾਂ ਦੀ ਮਦਦ ਨਾਲ ਉਹ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾ ਕੇ ਅਗਲੀਆਂ ਫ਼ਸਲਾਂ ਦੀ ਕਾਸ਼ਤ ਕਰ ਰਿਹਾ ਹੈ। ਉਸਨੇ ਦੱਸਿਆ ਕਿ ਅੱਗ ਨਾ ਲਗਾਉਣ ਕਰਕੇ ਉਸਦੀਆਂ ਫ਼ਸਲਾਂ ਦਾ ਝਾੜ ਵੀ ਵਧਿਆ ਹੈ ਅਤੇ ਉਸ ਨੂੰ ਇਸ ਗੱਲ ਦੀ ਖੁਸ਼ੀ ਤੇ ਤਸੱਲੀ ਹੈ ਕਿ ਉਹ ਵਾਤਾਵਰਨ ਨੂੰ ਦੂਸ਼ਿਤ ਨਹੀਂ ਕਰ ਰਿਹਾ।

ਕਿਸਾਨ ਪਲਵਿੰਦਰ ਸਿੰਘ ਜਿਥੇ ਆਪ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ ਓਥੇ ਉਸਨੇ ਆਪਣੇ ਵਰਗੇ ਹੋਰ ਅਗਾਂਹਵਧੂ ਕਿਸਾਨਾਂ ਨਾਲ ਮਿਲ ਕੇ ‘ਯੰਗ ਇਨੋਵੇਟਿਵ ਕਲੱਬ’ ਦਾ ਗਠਨ ਕਰਕੇ ਆਪਣੇ ਪਿੰਡ ਤੇ ਇਲਾਕੇ ਦੇ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਲਵਿੰਦਰ ਸਿੰਘ ਦੀ ਦੇਖਾ-ਦੇਖੀ ਬਹੁਤ ਸਾਰੇ ਕਿਸਾਨ ਉਨ੍ਹਾਂ ਵਾਂਗ ਅੱਗ ਲਗਾਉਣੀ ਛੱਡ ਗਏ ਹਨ। ਪਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਬਿਲਕੁਲ ਨਾ ਲਗਾਉਣ, ਇਸ ਨਾਲ ਜਿਥੇ ਵਾਤਾਵਰਨ ਸ਼ੁੱਧ ਹੋਵੇਗਾ ਓਥੇ ਉਨ੍ਹਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਨਾਲ ਝਾੜ ਵੀ ਵਧੇਗਾ। ਪਲਵਿੰਦਰ ਸਿੰਘ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਦੇ ਖੇਤਰ ਵਿੱਚ ਪਾਏ ਜਾ ਰਹੇ ਇਸ ਯੋਗਦਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਉਸ ਨੂੰ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here