21 ਅਕਤੂਬਰ ਤੋਂ 15 ਨਵੰਬਰ ਦਰਮਿਆਨ ਹੋਵੇਗੀ ਗੁਰਦੁਆਰਾ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ

ਪਟਿਆਲਾ, (ਦ ਸਟੈਲਰ ਨਿਊਜ਼): ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਜੀ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ ਮਿਤੀ: 21.10.2023 ਤੋਂ ਮਿਤੀ: 15.11.2023 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ: 05.12.2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ।

Advertisements

ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ।  ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ।
 

ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52 ਸਮਾਣਾ, 53 ਨਾਭਾ, 54 ਭਾਦਸੋਂ, 55-ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ, 59 ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here