ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ: ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ‘ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਵੱਲੋਂ ਯੂ.ਐਸ.ਏ. ਤੋਂ ਆਪਣੇ ਦੋ ਸਾਥੀਆਂ ਹਰਬੀਰ ਸਿੰਘ ਅਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। 

Advertisements

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸਾਰੇ ਵਾਸੀ ਪਿੰਡ ਰਮਦਾਸ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨਾਂ ਅਤੇ 11 ਜਿੰਦਾ ਕਾਰਤੂਸ, ਮਾਰੂਤੀ ਸਵਿਫ਼ਟ ਕਾਰ (ਪੀਬੀ 46 ਏ ਡੀ 6236) ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਡੀਜੀਪੀ ਨੇ ਕਿਹਾ ਕਿ ਜਾਂਚ ਉਪਰੰਤ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫ.ਆਈ.ਆਰ ਨੰ. 209 ਮਿਤੀ 10.10.2023 ਨੂੰ ਯੂ.ਏ.ਪੀ.ਏ. ਦੀ ਧਾਰਾ 13, 17, 18 ਅਤੇ 20, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾ 109, 115 ਅਤੇ 120ਬੀ ਤਹਿਤ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here