ਸਰਕਾਰੀ ਹਸਪਤਾਲਾਂ ਦੇ ਕਾਇਆ ਕਲਪ ਅਤੇ ਐਮਰਜੈਂਸੀ ਸੇਵਾਵਾਂ ਦੀ ਮਜ਼ਬੂਤੀ ਲਈ ਵਿਆਪਕ ਯੋਜਨਾ ਤਿਆਰ: ਡਾ. ਬਲਬੀਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪ੍ਰਾਇਮਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਆਮ ਆਦਮੀ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਹੁਣ ਸੈਕੰਡਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਦੇ ਕਾਇਆ ਕਲਪ ਲਈ ਇਕ ਵਿਆਪਕ ਯੋਜਨਾ ਉਲੀਕੀ ਗਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਵੇਕ ਪ੍ਰਤਾਪ ਸਿੰਘ ਨਾਲ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਵਿਖੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Advertisements

ਇਸ ਮੌਕੇ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਹੰਗਾਮੀ ਹਾਲਤ ਸਮੇਂ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤੁਰੰਤ ਪ੍ਰਦਾਨ ਹੋਵੇ, ਜਿਸ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਵੀ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਮਰੀਜ਼-ਅਨੁਕੂਲ ਮਾਹੌਲ ਸਿਰਜਣ ਲਈ ਸੁਹਜਾਤਮਕ ਸੁਧਾਰ ਅਤੇ ਇਨ੍ਹਾਂ ਨੂੰ ਅਤਿ-ਆਧੁਨਿਕ ਤੇ ਨਵੀਂ ਦਿੱਖ ਪ੍ਰਦਾਨ ਕਰਨ ਲਈ ਇਕ ਵਿਆਪਕ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਨੂੰ ਪੂਰੇ ਪੰਜਾਬ ਵਿਚ ਲਾਗੂ ਕਰਨ ’ਤੇ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ  ਓ. ਡੀ. ਡੀ ਤੇ ਐਮਰਜੈਂਸੀ ਸੈਕਸ਼ਨਾਂ ਦੇ ਨਾਲ-ਨਾਲ ਮਰੀਜ਼ਾਂ ਪੱਖੀ ਸਿਹਤ ਸਹੂਲਤਾਂ, ਜਿਵੇਂ ਕਿ ਮਾਡਿਊਲਰ ਅਪਰੇਸ਼ਨ ਥੀਏਟਰ, ਸੁੰਦਰੀਕਰਨ, ਵੇਟਿੰਗ ਏਰੀਆ, ਹੈਲਪ ਡੈਸਕ, ਪਾਰਕਿੰਗ ਸੁਵਿਧਾਵਾਂ, ਸੋਲਰ ਪੈਨਲ, ਸੀਵਰੇਜ ਸਿਸਟਮ ਅਤੇ ਸੈਨੀਟੇਸ਼ਨ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਗਲੇ ਸਾਲ ਤੱਕ ਸਰਕਾਰੀ ਹਸਪਤਾਲਾਂ ਵਿਚ ਗਾਇਨੀ, ਮੈਡੀਸਨ, ਮਨੋਰੋਗ ਅਤੇ ਰੇਡੀਓ ਡਾਇਗਨੋਸਿਸ ਆਦਿ ਦੇ ਮਾਹਿਰ ਡਾਕਟਰਾਂ ਦੀ ਕਮੀ ਪੂਰੀ ਕਰ ਲਈ ਜਾਵੇਗੀ। ਇਸੇ ਤਰ੍ਹਾਂ ਸਿਹਤ ਸੰਸਥਾਵਾਂ ਵਿਚ ਸਟਾਫ ਦੀ ਘਾਟ ਨੂੰ ਵੀ ਜਲਦ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਂਗੂ ਸਬੰਧੀ ਹਾਟ ਸਪਾਟ ਇਲਾਕਿਆਂ ਵਿਚ ਸਿਹਤ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਨਾਲ ਮਿਲ ਕੇ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਤਰ੍ਹਾਂ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਸਿੱਖਿਅਤ ਅਤੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਸਪਤਾਲਾਂ ਅਤੇ ਸਿਹਤ ਸੁਵਿਧਾਵਾਂ ਦੀ ਬਿਹਤਰੀ ਅਤੇ ਡੇਂਗੂ ਦੀ ਰੋਕਥਾਮ ਸਬੰਧੀ ਮੀਟਿੰਗ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਉਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਐਮਰਜੈਂਸੀ ਵਾਰਡ, ਡੇਂਗੂ ਵਾਰਡ ਅਤੇ ਸੀ. ਟੀ ਸਕੈਨ ਯੂਨਿਟ ਆਦਿ ਦਾ ਬਾਰੀਕੀ ਨਾਲ ਮੁਆਇਨਾ ਕੀਤਾ।

ਇਸ ਮੌਕੇ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਰਾਜੇਸ਼ਵਰ ਦਿਆਲ ਬੱਬੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ. ਐਸ. ਮੁਲਤਾਨੀ, ਕੌਂਸਲਰ ਪ੍ਰਦੀਪ ਬਿੱਟੂ ਤੇ ਵਿਜੇ ਅਗਰਵਾਲ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡੀ. ਐਮ. ਸੀ ਡਾ. ਹਰਬੰਸ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ, ਐਸ. ਐਮ. ਓ ਡਾ. ਸਵਾਤੀ ਸ਼ੀਮਾਰ, ਐਸ. ਐਮ. ਓ ਡਾ. ਮਨਮੋਹਨ ਸਿੰਘ, ਆਈ. ਐਮ. ਏ ਤੋਂ ਡਾ. ਬਲਵਿੰਦਰ ਸਿੰਘ, ਡੀ. ਐਸ. ਪੀ ਪਲਵਿੰਦਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਰਾਜੀਵ ਸੈਣੀ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸਿਮਰਨਜੀਤ ਸਿੰਘ ਖਾਂਬਾ, ਐਡਵੋਕੇਟ ਅਮਰਜੋਤ ਸੈਣੀ, ਮੁਨੀਸ਼ ਸ਼ਰਮਾ, ਧੀਰਜ ਸ਼ਰਮਾ, ਅਭੈ ਸ਼ਰਮਾ ਤੋਂ ਇਲਾਵਾ ਜ਼ਿਲ੍ਹਾ ਸਿਹਤ ਵਿਭਾਗ ਦਾ ਸਮੁੱਚਾ ਅਮਲਾ ਹਾਜ਼ਰ ਸੀ।

LEAVE A REPLY

Please enter your comment!
Please enter your name here