ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 176518 ਮੀਟ੍ਰਿਕ ਟਨ ਹੋਈ

ਪਟਿਆਲਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 98 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 96 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਬੀਤੇ ਦਿਨ ਤੱਕ ਮੰਡੀਆਂ ‘ਚ 176518 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 171808 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 75782 ਮੀਟਰਿਕ ਟਨ, ਮਾਰਕਫੈਡ ਵੱਲੋਂ 37238 ਮੀਟਰਿਕ ਟਨ, ਪਨਸਪ ਵੱਲੋਂ 34046 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 24742 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਜ਼ਿਲ੍ਹੇ ਵਿੱਚ 315.31 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਏ.ਡੀ.ਸੀ. ਜਗਜੀਤ ਸਿੰਘ, ਵੀਡੀਓ ਕਾਨਫਰੰਸਿੰਗ ਰਾਹੀ ਐਸ.ਡੀ.ਐਮਜ਼, ਖਰੀਦ ਏਜੰਸੀਆਂ, ਜ਼ਿਲ੍ਹਾ ਮੰਡੀ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ।

Advertisements

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਉਪਲਬੱਧ ਕਰਵਾਈ ਜਾਵੇ ਤਾਂ ਜੋ ਉਹ ਅਗਲੀ ਫਸਲ ਲਈ ਆਪਣੇ ਖੇਤ ਤਿਆਰ ਕਰ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਟਸ ਐਪ ਚੈਟ ਬੋਟ (73800-16070) ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਕਿ ਉਹ ਮਸ਼ੀਨਰੀ ਲਈ ਰਾਬਤਾ ਕਰ ਸਕਣ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ।

ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।

LEAVE A REPLY

Please enter your comment!
Please enter your name here