ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ‘ਚ 1786 ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਨੂੰ ਪ੍ਰਵਾਨਗੀ: ਸਾਕਸ਼ੀ ਸਾਹਨੀ

ਪਟਿਆਲਾ, (ਦ ਸਟੈਲਰ ਨਿਊਜ਼): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 8 ਵਿਧਾਨ ਸਭਾ ਹਲਕਿਆਂ ‘ਚ 1786 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੇਜੀ ਤਜਵੀਜ਼ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਈ ਗਈ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਥਾਂ ਨੂੰ ਆਬਾਦੀ ਮੁਤਾਬਕ ਤਰਕ ਸੰਗਤ ਕਰਕੇ ਚੋਣ ਕਮਿਸ਼ਨ ਨੂੰ ਤਜਵੀਜ਼ ਭੇਜੀ ਜਾਂਦੀ ਹੈ, ਜਿਸ ਮੁਤਾਬਕ ਜ਼ਿਲ੍ਹੇ ਅੰਦਰ ਪਹਿਲਾਂ ਸਥਾਪਤ ਕੀਤੇ 1786 ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀ ਤਜਵੀਜ਼ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।

Advertisements

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਮੁਤਾਬਕ ਰੈਸ਼ਨੇਲਾਈਜੇਸ਼ਨ ਉਪਰੰਤ ਨਾਭਾ (ਅਨੁਸੂਚਿਤ ਜਾਤੀ ਲਈ ਰਾਖਵਾਂ) ‘ਚ 226 ਪੋਲਿੰਗ ਸਟੇਸ਼ਨ, ਪਟਿਆਲਾ ਦਿਹਾਤੀ ‘ਚ 258, ਰਾਜਪੁਰਾ ਵਿਖੇ 201, ਘਨੌਰ ‘ਚ 210, ਸਨੌਰ ‘ਚ 272, ਪਟਿਆਲਾ ਵਿਧਾਨ ਸਭਾ ਹਲਕੇ ‘ਚ 182, ਸਮਾਣਾ ਹਲਕੇ ‘ਚ 232 ਅਤੇ ਸ਼ੁਤਰਾਣਾ (ਅਨੁਸੂਚਿਤ ਜਾਤੀ ਲਈ ਰਾਖਵਾਂ) ਹਲਕੇ ‘ਚ 205 ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀ ਤਜਵੀਜ਼ ਪ੍ਰਵਾਨ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਜ਼ਿਲ੍ਹੇ ‘ਚ ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤਹਿਤ 9 ਦਸੰਬਰ 2023 ਤੱਕ ਦਾਅਵੇ ਤੇ ਇਤਰਾਜ ਪ੍ਰਾਪਤ ਕੀਤੇ ਜਾਣੇ ਹਨ ਅਤੇ 26 ਦਸੰਬਰ 2023 ਤੱਕ ਇਹਨਾਂ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 05 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਇਸਤੋਂ ਇਲਾਵਾ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਿਤੀ 04 ਨਵੰਬਰ 2023 (ਸਨਿੱਚਰਵਾਰ), ਮਿਤੀ: 05 ਨਵੰਬਰ 2023 (ਐਤਵਾਰ) ਅਤੇ ਮਿਤੀ: 02 ਦਸੰਬਰ 2023 (ਸਨਿੱਚਰਵਾਰ), ਮਿਤੀ: 03 ਦਸੰਬਰ 2023 (ਐਤਵਾਰ)  ਨੂੰ ਸਮੂਹ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ, ਜਿੱਥੇ ਬੀ.ਐਲ.ਓਜ਼. ਵੱਲੋਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਪਣੇ ਪੋਲਿੰਗ ਬੂਥਾਂ ਤੇ ਬੈਠ ਕੇ ਆਮ ਜਨਤਾ/ ਬਿਨੈਕਾਰਾਂ ਪਾਸੋਂ ਫਾਰਮ. 6, 6ਬੀ, 7, 8 ਪ੍ਰਾਪਤ ਕੀਤੇ ਜਾਣੇ ਹਨ।

LEAVE A REPLY

Please enter your comment!
Please enter your name here