
ਮੋਗਾ (ਦ ਸਟੈਲਰ ਨਿਊਜ਼), ਪਲਕ। ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਨਿਹਾਲ ਸਿੰਘਵਾਲਾ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਤੜਕਸਾਰ ਪਿੰਡ ਦੇ ਹੀ ਇੱਕ ਵਿਅਕਤੀ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਤ ਵਿੱਚ ਲੱਗਣ ਕਾਰਨ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹੋਏ ਵਿਅਕਤੀ ਦੀ ਪਹਿਚਾਣ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ। ਖਿਡਾਰੀ ਨੂੰ ਲੁਧਿਆਣਾ ਰੈਫਰ ਕੀਤਾ ਗਿਆ ਹੈ। ਬਦਮਾਸ਼ਾਂ ਨੇ ਕਬੱਡੀ ਖਿਡਾਰੀ ਦੇ ਘਰ ਅੰਦਰ ਦਾਖਲ ਹੋ ਕੇ ਗੋਲੀਆਂ ਚਲਾਈਆਂ ਹਨ।

ਜਾਣਕਾਰੀ ਮੁਤਾਬਕ ਹਰਵਿੰਦਰ ਪਿੰਡ ਧੂੜਕੋਟ ਰਣ ਸਿੰਘ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ ਪਿੰਡ ਤੋਂ ਆਮ ਆਦਮੀ ਪਾਰਟੀ ਵੱਲੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਸੀ। ਪੁਲਿਸ ਜਾਂਚ ਮੁਤਾਬਕ ਇਹ ਘਟਨਾ ਸਵੇਰੇ ਕਰੀਬ ਸੱਤ ਵੱਜੇ ਵਾਪਰੀ। ਜਦੋਂ ਬਾਈਕ ਤੇ ਸਵਾਰ ਦੋ ਬਦਮਾਸ਼ ਕਬੂਤਰ ਦੇਖਣ ਦੇ ਬਹਾਨੇ ਕਬੱਡੀ ਖਿਡਾਰੀ ਦੇ ਘਰ ਦਾਖਲ ਹੋਏ। ਮੌਕਾ ਵੇਖ ਕੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੇ ਫਰਾਰ ਹੋ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ।












