ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੀ ਹੈ ਮਾਨ ਸਰਕਾਰ: ਚੇਅਰਮੈਨ ਸੇਖਵਾਂ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ। ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਆਮ ਆਦਮੀ ਦਾ ਜੀਵਨ ਸੁਖਾਲਾ ਹੋਇਆ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।

Advertisements

ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਮੁਫ਼ਤ ਬਿਜਲੀ ਸਹੂਲਤ ਦੇ ਸਦਕਾ 88 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦੇ ਬਿੱਲ ਪ੍ਰਾਪਤ ਹੋ ਰਹੇ ਹਨ। ਇਸਦੇ ਨਾਲ ਹੀ ਕਿਸਾਨਾਂ ਨੂੰ ਵੀ ਸੂਬੇ ਵਿੱਚ ਮੁਫ਼ਤ ਅਤੇ ਨਿਰਵਿਘਨ ਬਿਜਲੀ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੱਡੇ ਪੱਧਰ ‘ਤੇ ਤਰੱਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਗਲੇ ਝੋਨੇ ਦੇ ਸੀਜ਼ਨ ਤੱਕ 70-80 ਫੀਸਦ ਖੇਤਾਂ ਨੂੰ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਸਹੂਲਤ ਪ੍ਰਾਪਤ ਹੋ ਜਾਵੇਗੀ।

ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਨੌਂਕਰੀਆਂ ਦੇਣ ਦੇ ਖੇਤਰ ਵਿੱਚ ਵੀ ਵੱਡਾ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਮਹਿਜ਼ 18 ਮਹੀਨਿਆਂ ਦੌਰਾਨ, ਹੁਣ ਤੱਕ 36521 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਹੋਇਆ ਹੈ। ਉਨਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਸਿਰਫ ਯੋਗਤਾ ਅਤੇ ਪਾਰਦਰਸ਼ਤਾ ਦੇ ਅਧਾਰ ‘ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉਭਰਿਆ ਹੈ। ਪੰਜਾਬ ਵਿੱਚ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਸਦਕਾ ਨੌਜਵਾਨਾਂ ਲਈ 2.89 ਲੱਖ ਨੌਕਰੀਆਂ ਪੈਦਾ ਹੋਣਗੀਆਂ। 

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈਜ਼. ਰਜਿਸਟਰਡ ਕੀਤੇ ਗਏ ਹਨ ਜੋ ਦੇਸ਼ ਭਰ ਵਿੱਚ ਹੁਣ ਤੱਕ ਸਭ ਤੋਂ ਵੱਧ ਹਨ। ਉਨਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲਣ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੌਜਵਾਨਾਂ ਨੂੰ ਪੇਂਡੂ ਖੇਤਰਾਂ ਤੋਂ ਸ਼ਹਿਰਾਂ ਵੱਲ ਜਾਣ ਲਈ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਸ. ਸੇਖਵਾਂ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਬਹੁਤ ਕਾਰਗਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਉਪਲਬਧ ਹੋਣਗੀਆਂ, ਜਿਸ ਲਈ ਮੁਕੰਮਲ ਰੂਪ ਰੇਖਾ ਤਿਆਰ ਕਰ ਲਈ ਗਈ ਹੈ।

LEAVE A REPLY

Please enter your comment!
Please enter your name here