ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਆਪਣੇ ਆਪ ਤੋਂ ਕੀਤੀ ਜਾਵੇ ਸ਼ੁਰੂਆਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ‘ਭ੍ਰਿਸ਼ਟਾਚਾਰ ਦਾ ਵਿਰੋਧ ਕਰੋ, ਦੇਸ਼ ਪ੍ਰਤੀ ਵਚਨਬੱਧ ਬਣੋ’ ਥੀਮ ਤਹਿਤ ਅੱਜ ਐਸ. ਡੀ ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸੈਮੀਨਾਰ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਐਸ. ਐਸ. ਪੀ ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਅਤੇ ਐਸ. ਐਸ. ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਹੋਏ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਮਾਜ ਵਿਚ ਪ੍ਰਚਲਿਤ ਭ੍ਰਿਸ਼ਟ ਕਾਰਵਾਈ ਦੀ ਅਸਰਦਾਰ ਰੋਕਥਾਮ ਲਈ ਬੇਝਿੱਜਕ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ।

Advertisements

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਮਾਗਮ ਦੌਰਾਨ ਮੌਜੂਦ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਆਮ ਲੋਕਾਂ, ਸਮਾਜਿਕ ਪ੍ਰਤੀਨਿਧੀਆਂ ਆਦਿ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੇ ਆਪ ਤੋਂ ਸ਼ੁਰੂਆਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਪ੍ਰਣ ਲੈਣ ਕਿ ਉਹ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਨਗੇ ਅਤੇ ਇਸ ਤਰ੍ਹਾਂ ਦੀ ਕਾਰਵਾਈ ਸਾਹਮਣੇ ਆਉਣ ’ਤੇ ਸਮਰੱਥ ਅਥਾਰਟੀ ਨੂੰ ਰਿਪੋਰਟ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਹਰ ਖੇਤਰ ਵਿਚ ਨੇਕ ਨੀਅਤੀ ਅਤੇ ਵਿਧੀ ਵਿਧਾਨ ਦਾ ਪਾਲਣ ਕਰਦੇ ਹੋਏ ਸਾਰੇ ਕੰਮ ਇਮਾਨਦਾਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਸੁਚਾਰੂ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਇਸ ਤਰ੍ਹਾਂ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿਚ ਆਉਂਦੀ ਹੈ, ਤਾਂ ਉਹ ਵਿਭਾਗ ਦੇ ਟੋਲ ਫਰੀ ਨੰਬਰ 1800-1800-1000, ਐਂਟੀ ਕਰੱਪਸ਼ਨ ਲਾਈਨ ਨੰਬਰ 95012-00200 ਜਾਂ ਵਿਜੀਲੈਂਸ ਬਿਊਰੋ ਦੇ ਨਜ਼ਦੀਕੀ ਦਫ਼ਤਰ ਵਿਚ ਇਸ ਦੀ ਜਾਣਕਾਰੀ ਦੇ ਸਕਦੇ ਹਨ।

ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼, ਸਮਾਜ ਅਤੇ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੇ ਪ੍ਰਤੀ ਆਵਾਜ਼ ਬੁਲੰੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤਯੋਗ ਨਹੀਂ ਹੈ, ਜਿਸ ਦੇ ਖਾਤਮੇ ਲਈ ਸਾਰੇ ਵਰਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਡੀ.ਐਸ.ਪੀ ਵਿਜੀਲੈਂਸ ਮਨੀਸ਼ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਾਰਿਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁਕਾਉਂਦੇ ਹੋਏ ਇਸਦੇ ਖਿਲਾਫ਼ ਖੜ੍ਹੇ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਵਿਦਿਆਰਥੀਆਂ ਤੇ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਅ ਸਕਦੇ ਹਨ।

ਇਸ ਮੌਕੇ ਐਸ.ਡੀ. ਕਾਲਜ ਪ੍ਰਬੰਧਕ ਕਮੇਟੀ ਹੁੁਸ਼ਿਆਰਪੁਰ ਦੇ ਪ੍ਰਧਾਨ ਹੇਮਾ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਪ੍ਰੋ: ਪ੍ਰਸ਼ਾਂਤ ਸੇਠੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਕੈਸ਼ੀਅਰ ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਕਾਲਜ ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਤੇ ਮੌਜੂਦ ਸਨ। 

LEAVE A REPLY

Please enter your comment!
Please enter your name here