ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏਸੀ ਸਕੂਲ

ਸਨੌਰ/ਪਟਿਆਲਾ, (ਦ ਸਟੈਲਰ ਨਿਊਜ਼)। ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਹਿਲਾ ਪੂਰੇ ਦਾ ਪੂਰਾ ਏ.ਸੀ. ਸਰਕਾਰੀ ਸਕੂਲ ਬਣ ਗਿਆ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਹਿਲਕਦਮੀ ‘ਤੇ ਇਸ ਸਕੂਲ ਵਿੱਚ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਲਗਵਾਏ ਗਏ 23 ਏ.ਸੀਜ਼ ਤੇ ਇਨ੍ਹਾਂ ਨੂੰ ਚਲਾਉਣ ਲਈ ਬਿਜਲੀ ਵਾਸਤੇ ਲਗਾਏ ਸੋਲਰ ਪੈਨਲ ਸਿਸਟਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਰਿਬਨ ਕੱਟਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਇਸ ਸਕੂਲ ਵਿਖੇ ਬਿਜਨੈਸ ਬਲਾਸਟਰ ਸਕੀਮ ਤਹਿਤ ਅੱਜ ਲਗਾਏ ਗਏ ਹੁਨਰ ਵਿਕਾਸ ਮੇਲੇ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਸਿਮਰਜੀਤ ਕੌਰ ਪਠਾਣਮਾਜਰਾ, ਦਲਬੀਰ ਸਿੰਘ ਗਿੱਲ ਯੂ.ਕੇ. ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।

Advertisements

ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਪਠਾਣਮਾਜਰਾ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਮਿਸਾਲ ਸਨੌਰ ਦੇ ਇਸ ਸਕੂਲ ਵਿੱਚ ਬਿਜਨੈਸ ਬਲਾਸਟਰ ਤਹਿਤ ਲੱਗੇ ਹੁਨਰ ਮੇਲੇ ਵਿੱਚ ਅੱਜ ਸਭ ਦੇ ਸਾਹਮਣੇ ਹੈ। ਉਨ੍ਹਾਂ ਦੱਸਿਆ ਕਿ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਦੇ ਮੱਦੇਨਜ਼ਰ ਸਨੌਰ ਸਰਕਾਰੀ ਸਕੂਲ ਦੀਆਂ ਬੱਚੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਬਾਖੂਬੀ ਕੀਤਾ ਹੈ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਸਾਡੇ ਨੌਜਵਾਨਾਂ ਨੂੰ ਸਾਡੇ ਸੂਬੇ ਵਿੱਚ ਹੀ ਉਚੇਰੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਐਨ.ਆਰ.ਆਈਜ਼ ਵੱਲੋਂ ਆਪਣੀ ਜਨਮ ਭੂਮੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਲਾਨ ਕੀਤਾ ਕਿ ਸਨੌਰ ਹਲਕਾ ਦੇਸ਼ ਪਹਿਲਾ ਅਜਿਹਾ ਹਲਕਾ ਬਣੇਗਾ, ਜਿੱਥੇ ਸਾਰੇ ਸਰਕਾਰੀ ਸਕੂਲਾਂ ਨੂੰ ਏ.ਸੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਦੇ ਮੱਦੇਨਜ਼ਰ ਸਾਡੇ ਸਰਕਾਰੀ ਸਕੂਲ ਹੁਣ ਨਿਜੀ ਸਕੂਲਾਂ ਤੋਂ ਵੀ ਬਿਹਤਰ ਨਤੀਜੇ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੇ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ ਨੂੰ 25.55 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੇ ਹਲਕੇ ਦੇ ਕਿਸੇ ਵੀ ਸਰਕਾਰੀ ਸਕੂਲ ਦੇ ਬੱਚੇ ਨੂੰ ਕਿਤਾਬਾਂ, ਫੀਸ ਜਾਂ ਯੂਨੀਫਾਰਮ ਜਾਂ ਹੋਰ ਕਿਸੇ ਖ਼ਰਚੇ ਦੀ ਥੁੜ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਦਲਬੀਰ ਸਿੰਘ ਗਿੱਲ ਯੂ.ਕੇ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਪਹਿਲੀ ਵਾਰ ਹੋਇਆ ਹੈ ਕਿ ਐਨ.ਆਰ.ਆਈਜ਼ ਇੱਥੇ ਆਪਣੇ ਵੱਲੋਂ ਕੀਤੇ ਜਾਣ ਵਾਲੇ ਨਿਵੇਸ਼ ਨੂੰ ਹੁਣ ਸੁਰੱਖਿਅਤ ਸਮਝਣ ਲੱਗ ਪਏ ਹਨ।

ਇਸ ਮੌਕੇ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਾਮਾਜਰਾ ਵੱਲੋਂ ਸੁਰਿੰਦਰ ਸਿੰਘ ਨਿੱਜਰ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਿਮਰਜੀਤ ਕੌਰ ਪਠਾਣਮਾਜਰਾ, ਬਾਬਾ ਪ੍ਰੇਮ ਸਿੰਘ ਕਾਰ ਸੇਵਾ ਭੂਰੀ ਵਾਲੇ, ਇੰਦਰਜੀਤ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਸਕੂਲ ਪ੍ਰਿੰਸੀਪਲ ਕਰਮਜੀਤ ਕੌਰ, ਆਪ ਮਹਿਲਾ ਵਿੰਗ ਪ੍ਰਧਾਨ ਸ਼ਮਿੰਦਰ ਕੌਰ, ਹਰਜਸ਼ਨ ਢਿੱਲੋਂ ਪਠਾਣਮਾਜਰਾ, ਬਿੱਟੂ ਯੂ.ਐਸ.ਏ, ਗੌਰਵ ਬੱਬਾ, ਰਜਤ ਕਪੂਰ, ਸਾਜਨ ਢਿੱਲੋਂ, ਪਰਦੀਪ ਸਿੰਘ ਢਿੱਲੋਂ ਸਮੇਤ ਹੋਰ ਪਤਵੰਤੇ, ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਸਮੇਤ ਸਕੂਲ ਦੇ ਅਧਿਆਪਕ ਮੌਜੂਦ ਸਨ।

LEAVE A REPLY

Please enter your comment!
Please enter your name here