ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਹੈਪੀ ਸੀਡਰ ਮਸ਼ੀਨ ਨਾਲ ਕਣਕ ਦੀ ਸਿੱਧੀ ਬਿਜਾਈ ਬਾਰੇ ਖੇਤ ਪ੍ਰਦਰਸ਼ਨੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਹੈਪੀ ਸੀਡਰ ਮਸ਼ੀਨ ਨਾਲ ਕਣਕ ਦੀ ਸਿੱਧੀ ਬਿਜਾਈ ਬਾਰੇ ਖੇਤ ਪ੍ਰਦਰਸ਼ਨੀ ਦਾ ਆਯੋਜਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਦੇ ਪਿੰਡ ਫਿਰੋਜ਼ ਰੌਲੀਆਂ ਵਿਚ ਅਗਾਂਹਵਧੂ ਕਿਸਾਨ ਜਸਬੀਰ ਸਿੰਘ ਜੱਜ ਦੇ ਖੇਤਾਂ ਵਿਚ ਕੀਤਾ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਜਸਬੀਰ ਸਿੰਘ ਜੱਜ, ਜੋ ਕਿ ਪਿੰਡ ਦੇ ਲੰਬੜਦਾਰ ਵੀ ਹਨ, ਪਿਛਲੇ 5 ਸਾਲਾਂ ਤੋਂ ਹੈਪੀ ਸੀਡਰ ਤਕਨੀਕ ਨਾਲ ਕਣਕ ਦੀ ਸਫਲ ਕਾਸ਼ਤ ਕਰ ਰਹੇ ਹਨ। ਜਸਬੀਰ ਸਿੰਘ ਆਪਣੇ ਖੇਤਾਂ ਵਿਚ ਰੇਨ-ਗੰਨ ਵਿਧੀ ਨਾਲ ਕਣਕ ਦੀ ਸਿੰਚਾਈ ਕਰਦੇ ਹਨ ਜਿਸ ਨਾਲ ਸਿੰਚਾਈ ਵਾਲੇ ਪਾਣੀ ਦੀ ਬਹੁਤ ਬੱਚਤ ਹੁੰਦੀ ਹੈ।

Advertisements

ਵਾਤਾਵਰਣ ਪੱਖੀ ਤਕਨੀਕਾਂ ਅਪਨਾਉਣ ਲਈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਸਬੀਰ ਸਿੰਘ ਮੋਹਰੀ ਕਿਸਾਨ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਜ਼ਿਲਾ ਪ੍ਰਸ਼ਾਸਨ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਈ ਵਾਰ ਸਨਮਾਨਿਤ ਵੀ ਕੀਤਾ ਗਿਆ ਹੈ। ਡਾ. ਬੌਂਸ ਨੇ ਇਹ ਵੀ ਦੱਸਿਆ ਕਿ ਇਸ ਪਿੰਡ ਨੂੰ ਪਿਛਲੇ ਸਾਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਲਈ ਅਪਣਾਇਆ ਵੀ ਗਿਆ ਸੀ ਅਤੇ ਸਮੁੱਚੇ ਪਿੰਡ ਨੇ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਅਪਣਾ ਕੇ ਵਧੀਆ ਕਾਰਗੁਜ਼ਾਰੀ ਕੀਤੀ ਸੀ। ਜ਼ਿਲ੍ਹਾ ਪ੍ਰਸ਼ਾਸਣ ਦੀ ਮਦਦ ਨਾਲ ਇਨ੍ਹਾਂ ਪਿੰਡਾਂ ਵਿਚ ਵੱਡੇ ਪੱਧਰ ’ਤੇ ਪਰਾਲੀ ਦੀਆਂ ਗੰਢਾਂ ਬਣਾਉਣ ਦਾ ਕੰਮ ਵੀ ਸਫਲਤਾ ਪੂਰਵਕ ਸ਼ੁਰੁੂ ਕਰਕੇ ਅਪਣਾਇਆ ਗਿਆ ਹੈ।  

ਪ੍ਰਦਰਸ਼ਨੀ ਦੌਰਾਨ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਅਜੈਬ ਸਿੰਘ ਨੇ ਦੱਸਿਆ ਕਿ ਹੈਪੀ ਸੀਡਰ ਮਸ਼ੀਨ ਨਾਲ ਪਰਾਲੀ ਨੂੰ ਬਿਨ੍ਹਾਂ ਜਲਾਏ, ਕਣਕ ਦੀ ਸਿੱਧੀ ਬਿਜਾਈ ਸੰਭਵ ਹੈ। ਹੈਪੀ ਸੀਡਰ ਮਸ਼ੀਨ 50 ਹਾਰਸ ਪਾਵਰ ਟਰੈਕਟਰ ਨਾਲ ਚੱਲਦੀ ਹੈ ਅਤੇ ਇਕ ਦਿਨ ਵਿਚ ਤਕਰੀਬਨ 6-8 ਏਕੜ ਰਕਬੇ ਵਿਚ ਬਿਜਾਈ ਕਰ ਦਿੰਦੀ ਹੈ। ਡਾ. ਅਜੈਬ ਨੇ ਦੱਸਿਆ ਕਿ ਹੈਪੀ ਸੀਡਰ ਵਿਧੀ ਨਾਲ ਵਹਾਈ ਦੇ ਖਰਚੇ ਦੀ ਬੱਚਤ, ਨਦੀਨਾਂ ਦੀ ਘੱਟ ਸਮੱਸਿਆ ਅਤੇ ਕਣਕ ਦੀ ਬਿਜਾਈ ਸਮੇਂ ਸਿਰ ਸੰਭਵ ਹੈ।

LEAVE A REPLY

Please enter your comment!
Please enter your name here