ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਫਰਾਂਸ ਵਿਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ-2024 ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਵੱਖ-ਵੱਖ ਪੱਧਰਾਂ ’ਤੇ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਲੋੜੀਂਦੀ ਸਿਖਲਾਈ ਦਿੱਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 30 ਨਵੰਬਰ 2023 ਹੈ। ਉਨ੍ਹਾਂ ਕਿਹਾ ਕਿ ਹੁਨਰ ਮੁਕਾਬਲਿਆਂ ਦਾ ਮੰਤਵ ਹੁਨਰਮੰਦ ਨੌਜਵਾਨਾਂ ਨੂੰ ਤਿਆਰ ਕਰਕੇ ਉਨ੍ਹਾਂ ਦੀ ਸਕਰੀਨਿੰਗ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਚਾਰ ਪੱਧਰਾਂ ਜ਼ਿਲ੍ਹਾ, ਸੂਬਾ, ਖੇਤਰੀ ਅਤੇ ਰਾਸ਼ਟਰੀ ਪੱਧਰ ’ਤੇ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪੱਧਰ ’ਤੇ ਜੇਤੂ ਫਰਾਂਸ ਵਿਚ ਆਪਣੇ ਹੁਨਰ ਦਾ ਮੁਜ਼ਾਹਰਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ 61 ਟਰੇਡਾਂ ਲਈ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦਸੰਬਰ ਮਹੀਨੇ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਦੀਆਂ ਮਿਤੀਆਂ ਦਾ ਐਲਾਨ ਜਲਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁਕਾਬਲੇ ਵਿਚ ਹਿੱਸਾ ਲੈਣ ਲਈ ਉਮੀਦਵਾਰਾਂ ਦਾ ਜਨਮ 1 ਜਨਵਰੀ 2002 ਨੂੰ ਜਾਂ ਇਸ ਤੋਂ ਬਾਅਦ ਹੋਇਆ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੁਸ਼ਿਆਰਪੁਰ ਦੀਆਂ ਸਾਰੇ ਤਕਨੀਕੀ ਅਤੇ ਬਹੁ-ਤਕਨੀਕੀ ਕਾਲਜਾਂ, ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਨੌਜਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਬਾਰੇ ਜਾਣਕਾਰੀ ਦੇਣ ਅਤੇ ਡਿਜੀਟਲ ਪੋਰਟਲ www.Skillindiadigital.gov.in/home ’ਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ।