ਗੁਲਨੀਤ ਖੁਰਾਣਾ ਨੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਜੋਂ ਚਾਰਜ ਸੰਭਾਲਿਆ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ-ਧਰੂਵ ਨਾਰੰਗ: ਆਈ.ਪੀ.ਐਸ. ਗੁਲਨੀਤ ਸਿੰਘ ਖੁਰਾਣਾ ਨੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਜੋਂ ਅੱਜ ਚਾਰਜ ਸੰਭਾਲ ਲਿਆ। 2012 ਬੈਚ ਦੇ (ਆਈ.ਪੀ.ਐਸ) ਅਧਿਕਾਰੀ ਗੁਲਨੀਤ ਸਿੰਘ ਖੁਰਾਣਾ ਇਸ ਤੋਂ ਪਹਿਲਾ ਜ਼ਿਲ੍ਹਾ ਬਠਿੰਡਾ, ਫਾਜ਼ਿਲਕਾ, ਮਾਨਸਾ, ਪਠਾਨਕੋਟ, ਅੰਮਿ੍ਤਸਰ (ਦਿਹਾਤੀ), ਤਰਨਤਾਰਨ ਅਤੇ ਮੋਗਾ ਆਦਿ ਵਿਖੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

Advertisements

ਚਾਰਜ ਸੰਭਾਲਣ ਉਪਰੰਤ ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਜਲਦ ਹੀ ਪੂਰੇ ਇਲਾਕੇ ਅਤੇ ਥਾਣਿਆਂ ਦਾ ਦੌਰਾ ਕਰਨਗੇ ਅਤੇ ਲੋੜ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਉਤੇ ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ ਟ੍ਰੈਫਿਕ ਦੀ ਸਮੱਸਿਆ ਅਤੇ ਕੁਝ ਸਥਾਨਾਂ ਉਤੇ ਰਾਤ ਸਮੇਂ ਪੈਟਰੋਲਿੰਗ ਯਕੀਨੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੇਵਲ ਕਾਨੂੰਨ ਅਨੁਸਾਰ ਹੀ ਮਾਈਨਿੰਗ ਕਰਨ ਦੀ ਇਜ਼ਾਜਤ ਦਿੱਤੀ ਜਾਵੇਗੀ ਜਦਕਿ ਗੈਰ ਕਾਨੂੰਨੀ ਤਰੀਕੇ ਨਾਲ ਮਾਈਨਿੰਗ ਪੂਰੀ ਸਖਤੀ ਨਾਲ ਨਜਿਠਿਆ ਜਾਵੇਗਾ ਅਤੇ ਇਸ ਨਾਲ ਸਬੰਧਿਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਓਵਰਲੋਡ ਟਿੱਪਰਾਂ, ਬਿਨਾਂ ਨੰਬਰ ਪਲੇਟਾਂ ਤੋਂ ਵਾਹਨਾਂ ਨੂੰ ਮੌਕੇ ਉਤੇ ਹੀ ਜਬਤ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਘਟਨਾ ਨੂੰ ਹੋਣ ਤੋਂ ਪਹਿਲਾਂ ਹੀ ਰੋਕਣਾ ਯਕੀਨੀ ਕੀਤਾ ਜਾ ਸਕੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਜਾਂ ਕੋਈ ਸ਼ਿਕਾਇਤ ਹੈ ਤਾਂ ਉਹ ਉਨ੍ਹਾਂ ਨੂੰ ਜਾਂ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰਨ ਅਤੇ 112 ਨੰਬਰ ਉਤੇ ਵੀ ਸੰਪਰਕ ਕਰ ਸਕਦੇ ਹਨ ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਇਸ ਮੌਕੇ ਆਈ.ਪੀ.ਐੱਸ. ਗੁਲਨੀਤ ਸਿੰਘ ਖੁਰਾਣਾ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here