ਚੇਅਰਮੈਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਲਗਾਤਾਰ ਜਾਰੀ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਰਮਨ ਬਹਿਲ ਦੀਆਂ ਇਨ੍ਹਾਂ ਕੋਸ਼ਿਸ਼ਾਂ ਸਦਕਾ ਹੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਲਈ ਤਿੰਨ ਹੋਰ ਨਵੇਂ ਆਮ ਆਦਮੀ ਕਲੀਨਿਕ ਮਨਜ਼ੂਰ ਕਰ ਲਏ ਗਏ ਹਨ ਜੋ ਕਿ ਪਿੰਡ ਤਿੱਬੜ, ਹਯਾਤਨਗਰ ਅਤੇ ਗਹੋਤ ਪੋਖਰ ਵਿਖੇ ਬਣਨਗੇ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਇਸ ਸਮੇਂ 35 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿੱਚੋਂ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਆਮ ਲੋਕ ਲਾਭ ਉਠਾ ਰਹੇ ਹਨ। ਇਸ ਤੋਂ ਇਲਾਵਾ 6 ਹੋਰ ਨਵੇਂ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹਨ ਜਿਨ੍ਹਾਂ ਦਾ ਉਦਘਾਟਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ। ਬਹਿਲ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 21 ਹੋਰ ਵੱਖ-ਵੱਖ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਵਿਚੋਂ 3 ਆਮ ਆਦਮੀ ਕਲੀਨਿਕ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਤਿੱਬੜ, ਹਯਾਤਨਗਰ ਅਤੇ ਗਹੋਤ ਪੋਖਰ ਨਾਲ ਸਬੰਧਤ ਹਨ। ਉਨਾਂ ਕਿਹਾ ਕਿ ਇਹ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕਰ ਲਏ ਗਏ ਹਨ ਅਤੇ 15 ਜਨਵਰੀ 2024 ਤੱਕ ਇਨ੍ਹਾਂ ਨੂੰ ਤਿਆਰ ਕਰ ਦਿੱਤਾ ਜਾਵੇਗਾ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ‘ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।  

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਨਾ ਸਿਰਫ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ ਬਲਕਿ ਇਸ ਨਾਲ ਮੈਡੀਕਲ ਖੇਤਰ ਵਿੱਚ ਬਹੁਤ ਸਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਰੁਜ਼ਗਾਰ ਵੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕਾਂ ਦੇ ਮਾਡਲ ਦੀ ਸਫ਼ਲਤਾ ਦੀ ਅੰਤਰਰਾਸ਼ਟਰੀ ਪੱਧਰ ਤੱਕ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

LEAVE A REPLY

Please enter your comment!
Please enter your name here