ਵਿਧਾਇਕ ਨਰਿੰਦਰ ਵੱਲੋਂ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਫਤਿਹਗੜ੍ਹ, ਲਾਧੂਕਾ ਤੇ ਤਰੋਬੜੀ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਵਿਕਾਸ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।

Advertisements

 ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਫਤਿਹਗੜ੍ਹ ਵਿੱਚ 3 ਲੱਖ ਨਾਲ ਬਣੇ ਠੋਸ ਕਚਰਾ ਪ੍ਰਬੰਧਨ ਕੰਪਲੈਕਸ, 7 ਲੱਖ ਨਾਲ ਬਣੇ ਆਂਗਣਵਾੜੀ ਸੈਂਟਰ, ਲਾਧੂਕਾ ਵਿਚ 6 ਲੱਖ ਦੀਆਂ ਗਲੀਆਂ ਦੀ ਇੰਟਰਲੋਕਿੰਗ ਦੇ ਪ੍ਰੋਜੈਕਟਾਂ ਅਤੇ ਤਰੋਬੜੀ ਵਿਖੇ 6 ਲੱਖ ਨਾਲ ਬਣੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ।

ਇਸ ਮੌਕੇ ਵਿਧਾਇਕ ਵੱਲੋਂ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ। ਉਨਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕ ਨੇ ਉਹਨਾਂ ਨੂੰ ਲੋਕ ਮਸਲਿਆਂ ਦਾ ਤੁਰੰਤ ਨਬੇੜਾ ਕਰਨ ਦੀ ਹਦਾਇਤ ਕੀਤੀ। ਇਸ ਤੋਂ ਬਿਨਾਂ ਉਹਨਾਂ ਵੱਲੋਂ ਪਿੰਡ ਜਮਾਲ ਕੇ, ਕੀੜਿਆਂਵਾਲੀ ਅਤੇ ਹੌਜ ਗੰਧੜ ਦਾ ਦੌਰਾ ਕਰਕੇ ਇਥੋਂ ਦੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ।

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਲੋਕਾਂ ਦੀ ਭਲਾਈ ਲਈ ਨਿੱਤ ਦਿਨ ਨਵੀਆਂ ਸਕੀਮਾਂ ਬਣਾ ਕੇ ਲਾਗੂ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਰਾਹੀਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰਾਂ ਤੇ ਵੀ ਪੰਜਾਬ ਸਰਕਾਰ ਵਿਸ਼ੇਸ਼ ਤਵੱਜੋ ਦੇ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣ ਦੀ ਅਪੀਲ ਵੀ ਕੀਤੀ ਜਿਸ ਤਹਿਤ ਸੂਬਾ ਸਰਕਾਰ ਵੱਲੋਂ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਉਨਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਵਰਦਾਨ ਸਾਬਿਤ ਹੋ ਰਹੇ ਹਨ। ਇਸ ਮੌਕੇ ਇਲਾਕੇ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਵੀ ਹਾਜ਼ਰ ਸੀ।

LEAVE A REPLY

Please enter your comment!
Please enter your name here