ਦਿਵਿਆਂਗ ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬੀ ਯੂਨੀਵਰਸਿਟੀ ਦਰਮਿਆਨ ਸਮਝੌਤਾ ਸਹੀਬੱਧ

ਪਟਿਆਲਾ (ਦ ਸਟੈਲਰ ਨਿਊਜ਼): ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਪੰਜਾਬੀ ਯੂਨੀਵਰਸਿਟੀ ਨਾਲ ਇੱਕ ਸਮਝੌਤਾ ਸਹੀਬੱਧ ਕਰਕੇ ਦਿਵਿਆਂਗਜਨ ਵਿਦਿਆਰਥੀਆਂ ਨੂੰ ਬੀ.ਏ. ਹਿਉਮੈਨਟੀਜ਼ ਕਰਵਾਉਣ ਦਾ ਉਪਰਾਲਾ ਕੀਤਾ ਹੈ।

Advertisements

ਇੱਥੇ ਵਾਣੀ ਸਕੂਲ ਫਾਰ ਹੀਅਰਿੰਗ ਇੰਪੇਅਰਡ ਵਿਖੇ ਕਰਵਾਏ ਸਮਾਗਮ ਮੌਕੇ ਇਸ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਦੋਵਾਂ ਡਾ. ਬਲਬੀਰ ਸਿੰਘ ਅਤੇ ਹਰਜੋਤ ਸਿੰਘ ਬੈਂਸ ਨੇ ਆਖਿਆ ਕਿ ਇਸ ਸਮਝੌਤੇ ਨਾਲ ਅੰਡਰ ਗ੍ਰੈਜੂਏਟ ਕੋਰਸਾਂ ਦੇ ਇਤਿਹਾਨ ਲਈ 21 ਤਰ੍ਹਾਂ ਦੀਆਂ ਡਿਸਐਬਿਲਟੀਜ਼ ਵਿੱਚੋਂ 9 ਤਰ੍ਹਾਂ ਦੇ ਦਿਵਿਆਂਗ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਰਾਹੀਂ ਅੰਡਰ ਗ੍ਰੈਜੂਏਟ ਕੋਰਸ ਕਰ ਸਕਣਗੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਲਬ ਦੀ ਖੋਜ ਕਰਨ ਵਾਲੇ ਐਡੀਸਨ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਕਿਸੇ ਨਾ ਕਿਸੇ ਵਿਸ਼ੇਸ਼ ਸਮਰੱਥਾ ਦੇ ਮਾਲਕ ਹੁੰਦੇ ਹਨ, ਅਤੇ ਇਹ ਬੱਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਿਤਵੇ ਰੰਗਲਾ ਪੰਜਾਬ ਦੇ ਵਿਸ਼ੇਸ਼ ਫੁੱਲ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਜਿਹੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਲਿਆ ਰਹੀ ਹੈ ਅਤੇ ਪਟਿਆਲਾ ਦਾ ਵਾਣੀ ਸਕੂਲ ਇਸੇ ਤਰਜ ‘ਤੇ ਕੰਮ ਰਿਹਾ ਹੈ। ਉਨ੍ਹਾਂ ਵਾਣੀ ਸਕੂਲ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਵਿਸ਼ੇਸ਼ ਸੈਂਟਰ ਸਥਾਪਤ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਲੋਕ ਸਭ ਕੁਝ ਹੁੰਦੇ ਹੋਏ ਵੀ ਕਿਸੇ ਨਾ ਕਿਸੇ ਪ੍ਰੇਸ਼ਾਨੀ ਤੋਂ ਪੀੜਤ ਹਨ ਪਰੰਤੂ ਇਨ੍ਹਾਂ ਬੱਚਿਆਂ ਦੇ ਚਿਹਰੇ ਖੁਸ਼ੀ ਨਾਲ ਖਿੜ੍ਹੇ ਹੋਏ ਹਨ, ਸਾਨੂੰ ਇਨ੍ਹਾਂ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਬਨਿਟ ਮੰਤਰੀਆਂ ਦਾ ਸਵਾਗਤ ਕਰਦਿਆਂ ਦੱਸਿਆ ਕਿ 9 ਤਰ੍ਹਾਂ ਦੇ ਦਿਵਿਆਂਗ ਵਿਦਿਆਰਥੀਆਂ ਲਈ ਵਾਣੀ ਸਕੂਲ ਪੰਜਾਬੀ ਯੂਨੀਵਰਸਿਟੀ ਤੋਂ ਉਚੇਰੀ ਸਿੱਖਿਆ ਹਾਸਲ ਕਰਨ ਲਈ ਇੱਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। ਇਸ ਮੌਕੇ ਸੈਂਟਰ ਫਾਰ ਇੰਪਰੂਵਮੈਂਟ ਆਫ਼ ਪਰਸਨਜ਼ ਵਿਦ ਡਿਸਐਬਿਲਟੀਜ਼ ਦੇ ਕੋਆਰਡੀਨੇਟਰ ਡਾ. ਕਿਰਨ ਕੁਮਾਰੀ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਵਾਣੀ ਸਕੂਲ ਦੇ ਪ੍ਰਿੰਸੀਪਲ ਸੁਖਚੈਨ ਵਿਰਕ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ। ਇਸ ਮੌਕੇ ਸਕੂਲ ਦੇ ਵਿਸ਼ੇਸ਼ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ।

LEAVE A REPLY

Please enter your comment!
Please enter your name here