ਨਦੀਨਨਾਸ਼ਕਾਂ ਦੇ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ 1.5 ਫੁੱਟ ਦੀ ਉਚਾਈ ਤੇ ਰੱਖੋ: ਡਾ. ਅਮਰੀਕ

ਧਾਰੀਵਾਲ/ਗੁਰਦਾਸਪੁਰ (ਦ ਸਟੈਲਰ ਨਿਊਜ਼)। ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਡਾ. ਅਮਰੀਕ ਸਿੰਘ ਨੇ ਬਲਾਕ ਧਾਰੀਵਾਲ ਦੇ ਪਿੰਡ ਸਹਾਰੀ ਵਿਖੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਇਸ ਮੌਕੇ ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਪਲਵਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਨੂੰ ਨਦੀਨਾਸ਼ਕ ਸੁਰੱਖਿਅਤ ਵਰਤੋਂ ਕਰਨ ਅਤੇ ਛਿੜਕਾਅ ਤਕਨੀਕਾਂ ਦੀ ਵਰਤੋਂ ਬਾਰੇ ਜਾਗਰੁਕ ਕੀਤਾ ਗਿਆ।

Advertisements

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ। ਉਨਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ `ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ  ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇਧਰ ਉਧਰ ਨਾ ਘੁਮਾਓ। ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਸਿੱਲ ਠੀਕ ਹੈ ਤਾਂ ਪਹਿਲੇ ਪਾਣੀ ਲਾਉਣ ਤੋਂ ਪਹਿਲਾਂ 13 ਗਰਾਮ ਸਲਫੋਸਲਫੂਰਾਨ ਜਾਂ 500 ਗਰਾਮ ਆਈਸੋਪਰੋਟਯੂਰਾਨ ਜਾਂ 400 ਮਿਲੀਲਿਟਰ ਪੀਨੋਕਸਾਡਿਨ ਨਾਮਕ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਜਾ ਸਕਦੀ ਹੈ, ਕਿਉਂਕਿ ਪਾਣੀ ਲਾਉਣ ਨਾਲ ਨਦੀਨ ਵੱਡੇ ਹੋ ਸਕਦੇ ਹਨ, ਜਿਸ ਕਾਰਨ ਰੋਕਥਾਮ ਸਹੀ ਤਰਾਂ ਨਹੀਂ ਹੁੰਦੀ।

ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦੇ ਛਿੜਕਾਅ ਤੋਂ ਬਾਅਦ ਸਪਰੇਅ ਪੰਪ ਨੂੰ ਪਾਣੀ ਨਾਲ ਧੋ ਕੇ ਅਤੇ ਫਿਰ ਕੱਪੜੇ ਧੋਣ ਵਾਲੇ ਸੋਢੇ ਦੇ 0.5 ਫੀਸਦੀ ਘੋਲ ਨਾਲ ਚੰਗੀ ਤਰਾਂ ਧੋ ਲੈਣਾ ਚਾਹੀਦਾ। ਉਨਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ.ਬੀ.ਡਬਲਿਯੂ. 550 ਅਤੇ ਉੱਨਤ ਪੀ.ਬੀ.ਡਬਲਿਯੂ. 550 ਉੱਪਰ ਨਹੀਂ ਵਰਤਣੀ ਚਾਹੀਦੀ। ਉਨਾਂ ਕਿਹਾ ਕਿ ਕਦੇ ਵੀ ਕਿਸੇ ਦੇ ਕਹੇ ਤੇ ਨਦੀਨਨਾਸ਼ਕਾਂ ਦੇ ਮਿਸ਼ਰਣ ਦੀ ਵਰਤੋਂ ਨਾ ਕਰੋ। ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ.ਐੱਫ.(ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।

ਡਾ.ਦਿਲਰਾਜ ਸਿੰਘ ਨੇ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ, ਕੰਡਿਆਲੀ ਪਾਲਕ, ਰਿਵਾੜੀ/ਰਾਰੀ, ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ.ਐੱਫ. (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 25-30 ਦਿਨਾਂ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ। ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਚੌੜੇ ਪੱਤੀ ਅਤੇ ਘਾਹ ਪੱਤੀ ਵਾਲੇ ਨਦੀਨ ਹੋਣ ਤਾਂ 160 ਗ੍ਰਾਮ ਮਿਜੋਸਲਫੂਰਾਨ ਪਲੱਸ ਆਇਉਡੋਸਲਫੂਰਾਨ 3.6 ਡਬਲਿਯੂ ਡੀ.ਜੀ. (ਅਟਲਾਂਟਿਸ) ਜਾਂ 16 ਗ੍ਰਾਮ ਸਲਫੋਸਲਫੂਰਾਨ ਪਲੱਸ ਮੈਟਸਲਫੂਰਾਨ 75 ਡਬਲਿਯੂ ਜੀ (ਟੋਟਲ) ਜਾਂ ਫਿਨੌਕਸਾਪ੍ਰੋਪ ਪਲੱਸ ਮੈਟਰੀਬਿਊਜ਼ਿਨ 22 ਈ.ਸੀ.(ਅੋਕਾਰਡ ਪਲੱਸ) 500 ਮਿਲੀ ਲਿਟਰ ਜਾਂ 200 ਗ੍ਰਾਮ ਸ਼ਗਨ 21-11 (ਕਲੋਡਿਨੋਫਾਪ + ਮੈਟਰੀਬਿਊਜਿਨ) ਪ੍ਰਤੀ ਏਕੜ ਨੂੰ ਬਿਜਾਈ ਤੋਂ 30-35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਘੋਲ ਕੇ ਇਕਸਾਰ ਛਿੜਕਾਅ ਕਰਨਾ ਚਾਹੀਦਾ ਹੈ।       

LEAVE A REPLY

Please enter your comment!
Please enter your name here