ਜੌੜਾਮਾਜਰਾ ਨੇ ਸਮਾਣਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਕੀਤਾ ਰਵਾਨਾ

ਸਮਾਣਾ, (ਦ ਸਟੈਲਰ ਨਿਊਜ਼)।   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੋਕ ਪੱਖੀ ਉਪਰਾਲਿਆਂ ਨੂੰ ਜਾਰੀ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਹਾਸਲ ਹੋ ਰਹੀ ਹੈ।ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਤੋਂ “ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਤਹਿਤ ਦੋ ਦਿਨ੍ਹਾਂ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ।
 

Advertisements

ਸੂਚਨਾ ਤੇ ਲੋਕ ਸੰਪਰਕ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਸਕੀਮ ਵਡੇਰੀ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ।
 

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਇਸ ਸਕੀਮ ਦਾ ਆਗਾਜ਼ ਕੀਤਾ ਹੈ ਤੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਸਕੀਮ ਤਹਿਤ ਪੰਜਾਬ ਤੋਂ ਜਾਣ ਵਾਲੇ ਨਾਗਰਿਕਾਂ ਨੂੰ ਏ.ਸੀ. ਬੱਸਾਂ ਜਾਂ ਏ.ਸੀ. ਰੇਲ ਗੱਡੀਆਂ ਰਾਹੀਂ ਸੂਬਾ ਜਾਂ ਦੇਸ਼ ਭਰ ਦੇ ਹੋਰ ਧਾਰਮਿਕ ਅਸਥਾਨ ਦੇ ਦਰਸ਼ਨ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਜੌੜਾਮਾਜਰਾ ਨੇ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਲਈ ਸਵਾਗਤੀ ਕਿੱਟ ਦਿੱਤੀ ਜਾ ਰਹੀ ਹੈ ਜਿਸ ਵਿੱਚ ਇਕ ਬੈਗ, ਚਾਦਰ, ਕੰਬਲ, ਸਿਰਹਾਣਾ, ਪੇਸਟ, ਤੇਲ, ਸਾਬਣ, ਸ਼ੈਂਪੂ, ਬਰੱਸ਼, ਛਤਰੀ, ਸ਼ੀਸ਼ਾ ਅਤੇ ਹੋਰ ਸਾਮਾਨ ਹੈ।
 

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਦੂਰ-ਦੁਰਾਡੇ ਵਾਲੇ ਅਸਥਾਨਾਂ ਲਈ ਰੇਲ ਯਾਤਰਾ ਜਦਕਿ ਸੜਕ ਰਸਤੇ ਘੱਟ ਦੂਰੀ ਵਾਲੇ ਅਸਥਾਨਾਂ ਲਈ ਬੱਸਾਂ ਦੀ ਸਹੂਲਤ ਮਿਲੇਗੀ। ਰੇਲ ਗੱਡੀ ਦੀ ਯਾਤਰਾ ਵਾਲੇ ਅਸਥਾਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਹਿੰਦੂ ਤੀਰਥ ਅਸਥਾਨ ਵਾਰਾਨਸੀ, ਮਥੁਰਾ, ਸ੍ਰੀ ਵਰਿੰਦਾਵਨ ਧਾਮ ਅਤੇ ਮੁਸਲਿਮ ਧਾਰਮਿਕ ਸਥਾਨ ਸ੍ਰੀ ਅਜਮੇਰ ਸ਼ਰੀਫ਼ ਸ਼ਾਮਲ ਹਨ। ਮੌਜੂਦਾ ਵਿੱਤੀ ਵਰ੍ਹੇ ਦੌਰਾਨ ਵੱਖ-ਵੱਖ ਧਾਰਮਿਕ ਥਾਵਾਂ ਲਈ 13 ਵਾਤਾਨਕੂਲ ਰੇਲ ਗੱਡੀਆਂ ਭੇਜੀਆਂ ਜਾਣਗੀਆਂ ਅਤੇ ਹਰੇਕ ਰੇਲ ਗੱਡੀ ਵਿੱਚ 1000 ਯਾਤਰੀ ਹੋਣਗੇ।
 

ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾਣਗੇ। ਇਨ੍ਹਾਂ ਥਾਵਾਂ ਦੀ ਯਾਤਰਾ ਦੌਰਾਨ ਏ.ਸੀ. ਰਿਹਾਇਸ਼ ਅਤੇ ਭੋਜਨ ਮੁਹੱਈਆ ਕਰਵਾਇਆ ਜਾਵੇਗਾ।

ਇਸੇ ਦੌਰਾਨ ਅੱਜ ਯਾਤਰਾ ਕਰਨ ਜਾ ਰਹੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫੌਜੀ, ਸੋਨੂੰ ਥਿੰਦ, ਸੁਨੈਨਾ ਮਿੱਤਲ, ਦੀਪਕ ਵਧਵਾ, ਨਾਇਬ ਤਹਿਸੀਲਦਾਰ ਰਮਨ ਗੁਪਤਾ ਅਤੇ ਹੋਰ ਪਤਵੰਤੇ ਮੌਜੂਦ ਸਨ।

LEAVE A REPLY

Please enter your comment!
Please enter your name here