ਓਟ ਅਤੇ ਓ.ਐੱਸ.ਟੀ ਕੇਂਦਰ ਵਿੱਚ ਦੋ ਥਾਈਂ ਰਜਿਸਟ੍ਰੇਸ਼ਨ ਕਰਵਾ ਕੇ ਦਵਾਈ ਲੈ ਰਹੇ ਦੋ ਵਿਅਕਤੀਆਂ ਦੀ ਰਜਿਸ਼ਟ੍ਰੇਸ਼ਨ ਰੱਦ 

ਗੁਰਦਾਸਪੁਰ (ਦ ਸਟੈਲਰ ਨਿਊਜ਼) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਬੀ.ਐੱਸ.ਐੱਫ. ਦੇ ਅਧਿਕਾਰੀ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਕੁਮਾਰ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਸ. ਬੇਅੰਤ ਸਿੰਘ ਸਿੱਧੂ, ਐੱਸ.ਡੀ.ਐੱਮ. ਕਲਾਨੌਰ ਸ. ਰਾਜਪਾਲ ਸਿੰਘ ਸੇਖੋਂ, ਸਹਾਇਕ ਕਮਿਸ਼ਨਰ (ਜ) ਮੈਡਮ ਇਰਵਨ ਕੌਰ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਡਾ. ਰੋਮੀ ਰਾਜਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਿ੍ਰਪਾਲ ਸਿੰਘ ਢਿਲੋਂ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

Advertisements

 ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਓਟ ਕੇਂਦਰਾਂ ਅਤੇ ਓ.ਐੱਸ.ਟੀ ਕੇਂਦਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਜਿਸ ਦੌਰਾਨ ਇਹ ਸਾਹਮਣੇ ਆਇਆ ਸੀ ਕਿ ਦੋ ਵਿਅਕਤੀ ਓਟ ਕੇਂਦਰ ਅਤੇ ਓ.ਐੱਸ.ਟੀ ਕੇਂਦਰ ਵਿੱਚ ਦੋ ਥਾਈਂ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਦੋਵਾਂ ਥਾਵਾਂ ਤੋਂ ਦਵਾਈ ਲੈ ਰਹੇ ਸਨ। ਇਸ ਦਾ ਪਤਾ ਲੱਗਣ ‘ਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੋਵਾਂ ਵਿਅਕਤੀਆਂ ਦੀ ਆਈ.ਡੀ. ਬਲਾਕ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਓਟ ਕੇਂਦਰਾਂ ਜਾਂ ਓ.ਐੱਸ.ਟੀ ਕੇਂਦਰਾਂ ਤੋਂ ਦਵਾਈ ਲੈ ਰਹੇ ਮਰੀਜ਼ਾਂ ਨੂੰ ਕਿਹਾ ਹੈ ਕਿ ਉਹ ਆਪਣਾ ਨਾਮ ਸਿਰਫ ਇੱਕ ਹੀ ਕੇਂਦਰ ਵਿੱਚ ਰਜਿਸਟਰਡ ਕਰਵਾ ਕੇ ਦਵਾਈ ਲੈ ਕੇ ਆਪਣਾ ਇਲਾਜ ਕਰਵਾਉਣ, ਜੇਕਰ ਚੈਕਿੰਗ ਦੌਰਾਨ ਕਿਸੇ ਦੀ ਦੋਹਰੀ ਰਜਿਸਟਰੇਸ਼ਨ ਪਾਈ ਗਈ ਤਾਂ ਉਸ ਦੀਆਂ ਦੋਵੇਂ ਰਜਿਸਟਰੇਸ਼ਨ ਰੱਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਚੌਕਸੀ ਵਰਤੀ ਜਾਵੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਿਆ ਜਾਵੇ। ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਗਠਿਤ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਤੌਰ ‘ਤੇ ਮੀਟਿੰਗਾਂ ਕੀਤੀਆਂ ਜਾਣ ਅਤੇ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਤਸਕਰੀ ਨੂੰ ਰੋਕਣ ਲਈ ਚੌਕਸ ਤੇ ਜਾਗਰੂਕ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ 235 ਪੰਚਾਇਤਾਂ ਨੇ ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਮਤੇ ਪਾਏ ਹਨ ਅਤੇ ਨਵੇਂ ਸਾਲ ਮੌਕੇ ਜ਼ਿਲ੍ਹੇ ਦੀ ਹੋਰ ਪੰਚਾਇਤਾਂ ਵੀ ਨਸ਼ੇ ਦੀ ਰੋਕਥਾਮ ਵਿੱਚ ਆਪਣਾ ਪੂਰਾ ਸਹਿਯੋਗ ਕਰਨ ਦਾ ਪ੍ਰਣ ਕਰਨਗੀਆਂ।ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਪ੍ਰੋਗਾਰਮ ਕਰਵਾਏ ਜਾਣ। ਇਸਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੁੱਕੜ ਨਾਟਕਾਂ, ਸੈਮੀਨਾਰਾਂ ਦੇ ਜਰੀਏ ਲੋਕਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚੇਤਨਤਾ ਲਿਆਂਦੀ ਜਾਵੇ। ਉਨਾਂ ਨਹਿਰੂ ਯੁਵਾ ਕੇਂਦਰ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ।ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦਾ ਪੂਰਾ ਸਾਥ ਦੇਣ ਅਤੇ ਕਿਸੇ ਵੀ ਤਰਾਂ ਦੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ਜਾਂ ਨਸ਼ੇ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਪੱਧਰ ‘ਤੇ ਬਣੇ ਕੰਟਰੋਲ ਰੂਮ ਦੇ ਨੰਬਰ 1800-180-1852 ‘ਤੇ ਸੰਪਰਕ ਜਾਵੇ। ਉਨਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।

LEAVE A REPLY

Please enter your comment!
Please enter your name here