ਚੇਅਰਮੈਨ ਰਮਨ ਬਹਿਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਦਾ ਦੌਰਾ

ਦੀਨਾਨਗਰ/ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਵੀ ਮੌਜੂਦ ਸਨ।

Advertisements

ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਦੇ ਦੌਰੇ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਇਥੇ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਅਤੇ ਦਵਾਈ ਲੈਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਿੰਘੋਵਾਲ ਕਮਿਊਨਿਟੀ ਹੈਲਥ ਸੈਂਟਰ ਵਿੱਚ ਸਟਾਫ ਅਤੇ ਇਲਾਜ ਲਈ ਜ਼ਰੂਰੀ ਸਾਜ਼ੋ-ਸਮਾਨ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ ਅਤੇ ਨਾਲ ਹੀ ਇਸ ਸਿਹਤ ਸੰਸਥਾ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਲਈ 21 ਹੋਰ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 35 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨਾਂ ਵਿੱਚੋਂ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਆਮ ਲੋਕ ਲਾਭ ਉਠਾ ਰਹੇ ਹਨ। ਬਹਿਲ ਨੇ ਕਿਹਾ ਕਿ ਇਸ ਤੋਂ ਇਲਾਵਾ 6 ਹੋਰ ਨਵੇਂ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹਨ ਜਿਨਾਂ ਦਾ ਉਦਘਾਟਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ‘ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲਣ ਨਾਲ ਨਾ ਸਿਰਫ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ ਬਲਕਿ ਇਸ ਨਾਲ ਮੈਡੀਕਲ ਖੇਤਰ ਵਿੱਚ ਬਹੁਤ ਸਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਰੁਜ਼ਗਾਰ ਵੀ ਮਿਲਿਆ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

LEAVE A REPLY

Please enter your comment!
Please enter your name here