ਹਲਕੇ ਵਿਚ ਜਿਆਦਾ ਤੋਂ ਜਿਆਦਾ ਖਾਲੇ ਕੀਤੇ ਜਾਣਗੇ ਪੱਕੇ: ਨਰਿੰਦਰਪਾਲ ਸਵਨਾ

ਫਾਜਿ਼ਲਕਾ, (ਦ ਸਟੈਲਰ ਨਿਊਜ਼)। ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਲ ਸ਼੍ਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕੇ ਵਿਚ ਖਾਲੇ ਪੱਕੇ ਕਰਨ ਦੇ ਚੱਲ ਰਹੇ ਪ੍ਰੋਜੈਕਟ ਬਾਰੇ ਚਰਚਾ ਕੀਤੀ। ਵਿਧਾਇਕ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਸਨਮੁੱਖ ਇਹ ਗੱਲ ਰੱਖੀ ਕਿ ਇਸ ਇਲਾਕੇ ਦੀ ਖੇਤੀ ਮੁੱਖ ਤੌਰ ਤੇ ਨਹਿਰੀ ਪਾਣੀ ਤੇ ਅਧਾਰਿਤ ਹੈ ਅਤੇ ਇਸ ਲਈ ਜਿਆਦਾ ਤੋਂ ਜਿਆਦਾ ਪੱਕੇ ਖਾਲੇ ਬਣਾਏ ਜਾਣੇ ਚਾਹੀਦੇ ਹਨ। ਇਸ ਲਈ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਇਲਾਕੇ ਲਈ ਨਹਿਰੀ ਪਾਣੀ ਦੇਣ ਦੇ ਯਤਨ ਕਰ ਰਹੀ ਹੈ। ਇਸ ਲਈ ਕਿਸਾਨਾਂ ਦੀ ਮੰਗ ਜੋ ਉਹ ਲੈਕੇ ਆਏ ਹਨ ਨੂੰ ਤਰਜੀਹੀ ਅਧਾਰ ਤੇ ਪੂਰਾ ਕੀਤਾ ਜਾਵੇਗਾ।

Advertisements

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਹਲਕੇ ਵਿਚ ਪੱਕੇ ਖਾਲਾਂ ਦੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਕੇ ਹੋਰ ਪ੍ਰੋਜੈਕਟ ਵੀ ਜਿਆਦਾ ਤੋਂ ਜਿਆਦਾ ਗਿਣਤੀ ਵਿਚ ਦਿੱਤੇ ਜਾਣਗੇ ਤਾਂ ਜੋ ਟੇਲਾਂ ਤੱਕ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮਿਲ ਸਕੇ ਅਤੇ ਸਾਡੇ ਕਿਸਾਨ ਖੁਸਹਾਲ ਹੋ ਸਕਨ ਅਤੇ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਨੂੰ ਘਟਾ ਕੇ ਕੁਦਰਤੀ ਸੋਮੇ ਦੀ ਰੱਖਿਆ ਕੀਤੀ ਜਾ ਸਕੇ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਕਿਸਾਨ ਪ੍ਰਮੁੱਖ ਤਰਜੀਹ ਹਨ ਅਤੇ ਕਿਸਾਨਾਂ ਨੂੰ ਜਿਆਦਾ ਤੋਂ ਜਿਆਦਾ ਪੱਕੇ ਖਾਲੇ ਅਤੇ ਨਹਿਰੀ ਪਾਣੀ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here