ਸਿਹਤ ਮੰਤਰੀ ਵੱਲੋਂ ਨਵੇਂ ਸਾਲ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ੇ ਦੇ ਖਾਤਮੇ ਦਾ ਅਹਿਦ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਵੇਂ ਸਾਲ ‘ਤੇ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਦੇ ਖਾਤਮੇ ਦਾ ਅਹਿਮ ਲਿਆ ਹੈ। ਉਨ੍ਹਾਂ ਨੇ ਇੱਥੇ ਸਰਕਟ ਹਾਊਸ ਵਿਖੇ ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ ਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਵਿਕਾਸ ਕਾਰਜਾਂ, ਲੋਕ ਭਲਾਈ ਦੀਆਂ ਸਰਕਾਰੀ ਸਕੀਮਾਂ ਸਮੇਤ ਪ੍ਰਸ਼ਾਸਨਿਕ ਕੰਮਾਂ ਦਾ ਜਾਇਜ਼ਾ ਲਿਆ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਨਵੇਂ ਵਰ੍ਹੇ ਵਿੱਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਯਤਨ ਹੋਰ ਤੇਜ ਕੀਤੇ ਜਾਣ।

Advertisements

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਹੈ ਕਿ ਨਸ਼ਿਆਂ ਦੀ ਲਾਹਨਤ ਨੂੰ ਤਾਂ ਖਤਮ ਕੀਤਾ ਜਾਵੇ ਪਰੰਤੂ ਇਸ ਦੀ ਲਤ ਲਗਾ ਚੁੱਕੇ ਨੌਜਵਾਨਾਂ ਨੂੰ ਵੀ ਮੁੱਖ ਧਾਰਾ ‘ਚ ਸ਼ਾਮਲ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਹਰ ਵਾਰਡ ਤੇ ਪਿੰਡ ਵਿੱਚ ਬਣਾਈਆਂ ਸਿਹਤ ਤੇ ਵਾਤਾਵਰਣ ਕਮੇਟੀਆਂ ਦਾ ਸਹਿਯੋਗ ਲੈ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ ਕੀਤਾ ਜਾਵੇ। ਉਨ੍ਹਾਂ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਤੇ ਸਾਕੇਤ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਨੂੰ ਮਾਡਲ ਨਸ਼ਾ ਮੁਕਤੀ ਸੈਂਟਰ ਬਣਾਉਣ ਲਈ ਵੀ ਨਿਰਦੇਸ਼ ਦਿਤੇ। ਉਨ੍ਹਾਂ ਨੇ ਕਿਹਾ ਕਿ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਦੀ ਸੰਨ ਫਾਊਂਡੇਸ਼ਨ ਦੀ ਮਦਦ ਨਾਲ ਸਾਕੇਤ ਹਸਪਤਾਲ ਵਿਖੇ ਹੁਨਰ ਵਿਕਾਸ ਕੇਂਦਰ ਵੀ ਖੋਲ੍ਹਿਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਤੋਂ ਲੋਕ ਭਲਾਈ ਸਕੀਮਾਂ, ਐਸ.ਐਸ.ਪੀ. ਤੋਂ ਜੁਰਮ ਦਰ, ਨਸ਼ਿਆਂ ਵਿਰੁੱਧ ਕਾਰਵਾਈ, ਸਿਵਲ ਸਰਜਨ ਤੋਂ ਓਟ ਸੈਂਟਰਾਂ ਸਮੇਤ ਮੁਹੱਲਾ ਕਲੀਨਿਕਾਂ ਤੇ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਸਕੂਲ ਸਿੱਖਿਆ, ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਤੋਂ ਵਿਭਾਗ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ, ਇਸ ਤੋਂ ਇਲਾਵਾ ਮਿਲਾਵਟੀ ਵਸਤਾਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾਵੇ।

ਇਕ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ ਡਾ ਇਸਮਤ ਵਿਜੇ ਸਿੰਘ ਤੇ ਤਰਸੇਮ ਚੰਦ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਜਸਬੀਰ ਸਿੰਘ ਗਾਂਧੀ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਡਾ. ਰਵਿੰਦਰ ਕੌਰ, ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here