ਮੋਦੀ ਸਰਕਾਰ ਨੇ ਪੰਜਾਬ ਦੀ ਝਾਕੀ ਨੂੰ ਰੱਦ ਕਰਕੇ ਪੰਜਾਬੀਆਂ ਦਾ ਨਿਰਾਦਰ ਕੀਤਾ: ਜਗਰੂਪ ਸੇਖਵਾਂ

ਗੁਰਦਾਸਪੁਰ, ( ਦ ਸਟੈਲਰ ਨਿਊਜ਼)। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਰੱਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅਜਿਹਾ ਕਰਕੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਲਾ ਮਿਸਾਲ ਯੋਗਦਾਨ ਦਾ ਨਿਰਾਦਰ ਕੀਤਾ ਹੈ। ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਇਸ ਮੁੱਦੇ ‘ਤੇ ਪੰਜਾਬ ਦਾ ਪੱਖ ਲੈਣ ਦੀ ਬਜਾਏ ਦਿੱਲੀ ਸਥਿਤ ਆਪਣੇ ਅਕਾਵਾਂ ਨੂੰ ਖ਼ੁਸ਼ ਕਰਨ ਲਈ ਝੂਠੇ ਤੇ ਮਨਘੜਤ ਬਿਆਨ ਦੇ ਕੇ ਕੇਂਦਰ ਸਰਕਾਰ ਦੇ ਇਸ ਪੰਜਾਬ ਵਿਰੋਧੀ ਫ਼ੈਸਲੇ ਨੂੰ ਜਾਇਜ਼ ਠਹਿਰਾਇਆ ਗਿਆ ਹੈ।

Advertisements

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹੁਣ ਰੱਖਿਆ ਮੰਤਰਾਲੇ ਨੇ ਇਹ ਬਿਲਕੁਲ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਜੋ ਝਾਕੀਆਂ ਦੇ ਨਮੂਨੇ ਭੇਜੇ ਗਏ ਸਨ ਉਨ੍ਹਾਂ ਉੱਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਈ ਤਸਵੀਰਾਂ ਨਹੀਂ ਸੀ, ਜਿਸ ਤੋਂ ਬਾਅਦ ਸੁਨੀਲ ਜਾਖੜ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਲਈ ਡਿਜ਼ਾਈਨ ਕੀਤੀ ਝਾਕੀ ਦਾ ਉਦੇਸ਼ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੇ ਨਾਲ-ਨਾਲ ਸ਼ਹੀਦਾਂ ਦੇ ਬਲੀਦਾਨ ਦੀ ਰਵਾਇਤ ਨੂੰ ਦਰਸਾਉਣਾ ਸੀ, ਜਦਕਿ ਸੱਤਾ ਦੀ ਭੁੱਖੀ ਕੇਂਦਰ ਦੀ ਭਾਜਪਾ ਸਰਕਾਰ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਲਾ ਮਿਸਾਲ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼ਹਾਦਤ ਤੇ ਬਲੀਦਾਨ ਪੰਜਾਬ ਦੀ ਸ਼ਾਨਾਂ ਮੱਤੀਂ ਵਿਰਾਸਤ ਦਾ ਹਿੱਸਾ ਹਨ, ਜਿਨ੍ਹਾਂ ਨੂੰ ਪੰਜਾਬ ਦੀਆਂ ਝਾਕੀਆਂ ਵਿੱਚ ਦਿਖਾਇਆ ਜਾਂਦਾ ਰਿਹਾ ਹੈ। ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਨਾਲ ਸਬੰਧਿਤ ਹੋਣ ਦੇ ਬਾਵਜੂਦ ਵੀ ਜਾਖੜ ਵਰਗੇ ਇਹ ਆਗੂ ਮਹਿਜ਼ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਆਪਣੀ ਹਾਈ ਕਮਾਂਡ ਨਾਲ ਮਿਲ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੇ ਝੂਠ ਦਾ ਪਰਦਾਫਾਸ਼ ਹੋਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਜਨਤਕ ਤੌਰ ‘ਤੇ ਆਪਣੇ ਝੂਠ ਨੂੰ ਕਬੂਲ ਕਰਕੇ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

LEAVE A REPLY

Please enter your comment!
Please enter your name here