ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਗਹੋਤ ਪੋਕਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਤੀਸਰੀ ਬੱਸ ਰਵਾਨਾ ਹੋਈ। ਪਿੰਡ ਗਹੋਤ ਪੋਕਰ ਤੋਂ ਰਵਾਨਾ ਹੋਈ ਇਸ ਤੀਰਥ ਯਤਾਰਾ ਬੱਸ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਵਿਸ਼ੇਸ਼ ਬੱਸ ਰਾਹੀਂ ਰਵਾਨਾਂ ਹੋਏ 43 ਸ਼ਰਧਾਲੂ ਤਖ਼ਤ ਸ੍ਰੀ ਕੇਸਗੜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੇ।

Advertisements

ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੀ ਲਗਜ਼ਰੀ ਬੱਸ ਅੱਜ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ ਜਿਥੇ ਸੰਗਤਾਂ ਵੱਲੋਂ ਤਖ਼ਤ ਸ੍ਰੀ ਕੇਸਗੜ ਸਾਹਿਬ, ਸ੍ਰੀ ਅਨੰਦਗੜ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣਗੇ। ਉਨਾਂ ਦੱਸਿਆ ਗੁਰਧਾਮਾ ਦੇ ਦਰਸ਼ਨ ਤੋਂ ਬਾਅਦ ਰਾਤ ਦਾ ਸਟੇਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੀ ਹੋਵੇਗਾ। ਸ੍ਰੀ ਬਹਿਲ ਨੇ ਅੱਗੇ ਦੱਸਿਆ ਕਿ ਅਗਲੇ ਦਿਨ ਬੱਸ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚੇਗੀ ਜਿਥੇ ਸੰਗਤਾਂ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਗੁਰਦਾਸਪੁਰ ਵਿਖੇ ਪਹੁੰਚਣਗੀਆਂ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਯਾਤਰਾ ਦੌਰਾਨ ਆਉਣ-ਜਾਣ ਅਤੇ ਓਥੇ ਰਹਿਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਬੱਸ ਰਵਾਨਾਂ ਹੋਣ ਤੋਂ ਪਹਿਲਾਂ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਸਾਰੇ ਸ਼ਰਧਾਲੂਆਂ ਦਾ ਮੈਡੀਕਲ ਚੈੱਕਅਪ ਵੀ ਕੀਤਾ ਗਿਆ ਹੈ।

ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਆਰੰਭੀ ਗਈ ਇਹ ਯੋਜਨਾ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ। ਇਸ ਮੌਕੇ ਆਰ.ਟੀ.ਏ. ਗੁਰਦਾਸਪੁਰ ਦਵਿੰਦਰ ਕੁਮਾਰ ਅਤੇ ਪਿੰਡ ਗਹੋਤ ਪੋਕਰ ਦੇ ਮੋਹਤਬਰ ਵੀ ਹਾਜ਼ਰ ਸਨ।    

LEAVE A REPLY

Please enter your comment!
Please enter your name here