ਡਿਪਟੀ ਸਪੀਕਰ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਜਥਾ ਕੀਤਾ ਰਵਾਨਾ

ਗੜ੍ਹਸ਼ੰਕਰ/ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਰਵਾਨਾ ਕੀਤਾ। ਗੜ੍ਹਸ਼ੰਕਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਡਿਪਟੀ ਸਪੀਕਰ ਨੇ ਦੇਸ਼-ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਦਰਸ਼ਨਾਂ ਲਈ ਜਾ ਰਹੇ ਇਸ ਜਥੇ ਵਿਚ ਬੀਤ ਏਰੀਏ ਦੇ ਪਿੰਡਾਂ ਦੇ ਸ਼ਰਧਾਲੂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਨ ਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਿਲ ਹੈ।

Advertisements

ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਕਰਨ ਨਾਲ ਲੋਕਾਂ ਨੂੰ ਅਧਿਆਤਮਿਕ ਤੌਰ ’ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸੁੱਖ-ਸਹੂਲਤ ਲਈ ਅਰਾਮਦਾਇਕ ਬੱਸਾਂ, ਠਹਿਰਨ ਲਈ ਸਰਾਵਾਂ ਅਤੇ ਯਾਤਰਾ ਦੌਰਾਨ ਲੋੜੀਂਦੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਉਨ੍ਹਾਂ ਲੋਕਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਹੈ, ਜੋ ਜੀਵਨ ਦੇ ਜ਼ਰੂਰੀ ਰੁਝੇਵਿਆਂ ਕਾਰਨ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਗਏ ਸਨ ਜਾਂ ਉਨ੍ਹਾਂ ਦੇ ਮਨ ਦੀ ਇੱਛਾ ਸੀ ਕਿ ਅਸੀਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰੀਏ। ਉਨ੍ਹਾਂ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਿੱਧ ਹੋ ਰਹੀ ਹੈ।  ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਮੌਕੇ ਸੰਜੀਵ ਸਿੰਘ ਭਵਾਨੀਪੁਰ, ਓ. ਐਸ. ਡੀ ਚਰਨਜੀਤ ਸਿੰਘ ਚੰਨੀ ਤੇ ਹਰਜਿੰਦਰ ਸਿੰਘ ਧੰਜਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here