ਚੇਅਰਮੈਨ ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ ਦਾ ਦੌਰਾ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ, ਪਨਿਆੜ (ਗੁਰਦਾਸਪੁਰ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਹਿਕਾਰੀ ਖੰਡ ਮਿੱਲ ਦੇ ਚੱਲ ਰਹੇ ਅੱਪ-ਗਰੇਡੇਸ਼ਨ ਪ੍ਰੋਜੈਕਟ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਉਨ੍ਹਾਂ ਨੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਦੀ ਕਾਰਗੁਜ਼ਾਰੀ ਦਾ ਰੀਵਿਊ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਉੱਘੇ ਜਨਤਕ ਆਗੂ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਸ. ਜਸਪ੍ਰੀਤ ਸਿੰਘ ਅਤੇ ਸ੍ਰੀ ਸਰਬਜੀਤ ਸਿੰਘ ਜਨਰਲ ਮੈਨੇਜਰ ਸਹਿਕਾਰੀ ਖੰਡ ਮਿੱਲ ਪਨਿਆੜ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisements

ਸਹਿਕਾਰੀ ਖੰਡ ਮਿੱਲ, ਪਨਿਆੜ ਦੇ ਕਾਨਫ਼ਰੰਸ ਹਾਲ ਵਿੱਚ ਸਹਿਕਾਰਤਾ ਸਬੰਧੀ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਸਹਿਕਾਰੀ ਖੰਡ ਮਿੱਲ, ਸਹਿਕਾਰੀ ਬੈਂਕ, ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਮਾਰਕਫੈੱਡ, ਮਿਲਕਫੈੱਡ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸਹਿਕਾਰੀ ਅਦਾਰਿਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਬਾਰੇ ਵੀ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਇਸ ਉਪਰੰਤ ਉਨ੍ਹਾਂ ਨੇ ਸਹਿਕਾਰੀ ਖੰਡ ਮਿੱਲ ਦੀ ਅਪਗਰੇਡੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ ਵੀ ਕੀਤਾ।

ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸੂਬੇ ਦੀ ਕਿਸਾਨੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਉਨ੍ਹਾਂ ਦੀ ਚੇਅਰਮੈਨਸ਼ਿਪ ਵਿੱਚ ਸਹਿਕਾਰਤਾ ਸਬੰਧੀ ਇਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰਤਾ ਕਮੇਟੀ ਵੱਲੋਂ ਸੂਬੇ ਭਰ ਵਿੱਚ ਜਾ ਕੇ ਜ਼ਮੀਨੀ ਹਕੀਕਤ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਵਿਭਾਗ ਨੂੰ ਕੀ ਚਣੌਤੀਆਂ ਹਨ ਅਤੇ ਇਨ੍ਹਾਂ ਨੂੰ ਕਿਵੇਂ ਦੂਰ ਕੀਤਾ ਜਾ ਸਕਦਾ ਹੈ।

ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਨਿਆੜ ਅਤੇ ਬਟਾਲਾ ਸਹਿਕਾਰੀ ਖੰਡ ਮਿੱਲਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਏਥੇ ਪਾਵਰ ਜਨਰੇਸ਼ਨ ਅਤੇ ਈਥਾਨੋਲ ਦੇ ਪ੍ਰੋਜੈਕਟ ਵੀ ਲਗਾਏ ਜਾ ਰਹੇ ਹਨ, ਜਿਸ ਸਦਕਾ ਇਹ ਦੋਵੇਂ ਖੰਡ ਮਿੱਲਾਂ ਮੁਨਾਫ਼ੇ ਵਿੱਚ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਯਤਨ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਰਿਪੋਰਟ ਵਿੱਚ ਆਪਣੀਆਂ ਸਾਰੀਆਂ ਸਿਫ਼ਾਰਸ਼ਾਂ ਨੂੰ ਦਰਜ ਕਰਕੇ ਮਾਣਯੋਗ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕੀਤਾ ਜਾਵੇਗਾ।  ਉਨ੍ਹਾਂ ਸਹਿਕਾਰਤਾ ਲਹਿਰ ਨਾਲ ਜੁੜੇ ਕਿਸਾਨਾਂ ਅਤੇ ਸੂਬਾ ਵਾਸੀਆਂ ਨੂੰ ਵੀ ਸੱਦਾ ਦਿੱਤਾ ਹੈ ਕਿ ਜੇਕਰ ਉਨ੍ਹਾਂ ਕੋਲ ਵੀ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਕੋਈ ਸੁਝਾਅ ਹਨ ਤਾਂ ਉਹ ਕਮੇਟੀ ਨਾਲ ਜ਼ਰੂਰ ਸਾਂਝੇ ਕਰਨ।’

ਇਸ ਮੌਕੇ ਆਈ.ਪੀ.ਐੱਸ. ਭਾਟੀਆ, ਸ਼ੂਗਰ ਮਿੱਲ ਪਨਿਆੜ, ਰੋਹਿਤ ਗਿੱਲ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਸ. ਸੁਰਿੰਦਰ ਸਿੰਘ, ਏ.ਜੀ.ਐੱਮ. ਪੀਏਡੀਬੀ ਬੈਂਕ ਗੁਰਦਾਸਪੁਰ, ਕਵਿਤਾ ਬੇਦੀ, ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ ਗੁਰਦਾਸਪੁਰ, ਸ. ਮਨਿੰਦਰ ਸਿੰਘ, ਡੀ.ਐੱਮ ਮਿਲਕਫੈੱਡ ਅਤੇ ਬਲਸੋਤਰਾ ਜਨਰਲ ਮੈਨੇਜਰ ਵੇਰਕਾ ਮਿਲਕ  ਪਲਾਂਟ ਗੁਰਦਾਸਪੁਰ ਵੀ ਹਾਜ਼ਰ ਸਨ।  

LEAVE A REPLY

Please enter your comment!
Please enter your name here