ਆਈਏਐਸ ਅਧਿਕਾਰੀ ਅਮਿਤ ਪੰਚਾਲ ਨੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। 2016 ਬੈਚ ਦੇ ਆਈ.ਏ.ਐਸ. ਅਧਿਕਾਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਇੱਥੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ, ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਪੁੱਜਦਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।  

Advertisements

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਗਾਰਡ ਆਫ ਆਨਰ ਤੋਂ ਸਲਾਮੀ ਲੈਣ ਅਤੇ ਬਾਅਦ ਵਿਚ ਅਹੁਦਾ ਸੰਭਾਲਨ ਪਿੱਛੋਂ ਅਮਿਤ ਕੁਮਾਰ ਪੰਚਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੇਂ-ਸਮੇਂ ਸਿਰ ਸਮੀਖਿਆ ਕਰਨ ਤੋਂ ਇਲਾਵਾ ਇਨ੍ਹਾਂ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਵਾਉਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜ਼ਮੀਨੀ ਪੱਧਰ ਤੱਕ ਜਾਣਕਾਰੀ ਮੁਹੱਈਆ ਕਰਵਾ ਕੇ ਇਨ੍ਹਾਂ ਸਕੀਮਾਂ ਦਾ ਯੋਗ ਲਾਭਪਾਤਰੀਆਂ ਨੂੰ ਲਾਭ ਦਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਲੋਕ ਸ਼ਿਕਾਇਤਾਂ ਅਤੇ ਮਸਲਿਆਂ ਦਾ ਢੁਕਵਾਂ ਅਤੇ ਫੌਰੀ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਨੇ ਜ਼ਿਲ੍ਹੇ ਵਿਚ ਹੋਰ ਸੁਧਾਰ ਲਿਆਉਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਵਲੋਂ ਉਨ੍ਹਾਂ ਵਲੋਂ ਦਿੱਤੇ ਸੁਝਾਅ ’ਤੇ ਲੋੜੀਂਦਾ ਅਮਲ ਕੀਤਾ ਜਾਵੇਗਾ। 

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਆਪਣੇ ਬਾਕੀ ਤਰਜੀਹੀ ਖੇਤਰਾਂ ਬਾਰੇ ਦੱਸਿਆ ਕਿ ਜ਼ਿਲ੍ਹੇ ਵਿਚ ਸਵੱਛਤਾ, ਸਿੱਖਿਆ ਅਤੇ ਸਿਹਤ ਖੇਤਰ ਵਿਚ ਹੋ ਰਹੇ ਉਪਰਾਲਿਆਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।  ਜ਼ਿਕਰਯੋਗ ਹੈ ਕਿ ਅਮਿਤ ਕੁਮਾਰ ਪੰਚਾਲ ਇਸ ਤੋਂ ਪਹਿਲਾਂ ਵੱਖ-ਵੱਖ ਜ਼ਿਲ੍ਹਿਆਂ ਵਿਚ ਸੇਵਾਵਾਂ ਦੇ ਚੁੱਕੇ ਹਨ, ਜਿਨ੍ਹਾਂ ਵਿਚ ਜਲੰਧਰ ਵਿਖੇ ਐਸ.ਡੀ.ਐਮ ਨਕੋਦਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਾਜਿਲਕਾ ਅਤੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ਼ਾਮਲ ਹਨ। 

LEAVE A REPLY

Please enter your comment!
Please enter your name here