Friday, October 23, 2026
Home Punjab ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਵਾਧਾ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ ਵਿੱਚ ਸੋਧ ਕਰਦੇ ਹੋਏ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ।

Advertisements

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਹਿਲਾਂ ਜਾਰੀ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 21 ਅਕਤੂਬਰ 2023 ਤੋਂ 29 ਫਰਵਰੀ 2024 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰੰਤੂ ਹੁਣ ਰਿਵਾਈਜਡ ਸ਼ਡਿਊਲ ਅਨੁਸਾਰ ਫਾਰਮ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾ ਕੇ 30 ਅਪ੍ਰੈਲ 2024 ਤੱਕ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 21 ਮਈ 2024 ਨੂੰ ਕੀਤੀ ਜਾਵੇਗੀ। ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ‘ਤੇ ਦਾਅਵੇ/ਇਤਰਾਜ਼ 11 ਜੂਨ 2024 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 03 ਜੁਲਾਈ 2024 ਨੂੰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ। ਫਾਰਮ ਭਰਨ ਸਮੇਂ ਜ਼ਰੂਰੀ ਹਦਾਇਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਬਿਨੈਕਾਰ 21 ਅਕਤੂਬਰ 2023 ਨੂੰ 21 ਸਾਲ ਜਾਂ ਉਸ ਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫ਼ੋਟੋ ਨਾਲ ਨੱਥੀ ਕਰੇਗਾ ਅਤੇ ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ।

LEAVE A REPLY

Please enter your comment!
Please enter your name here